ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ
ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮਾਂ ਵਿਚ ਸ਼ਾਮਲ ਹੋਣ ਪਹੁੰਚੇ ਮੁੱਖ ਮੰਤਰੀ ਦਾ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਬੇਸ਼ੱਕ ਪੁਲੀਸ ਪ੍ਰਸ਼ਾਸਨ ਦੀ ਸਖ਼ਤੀ ਕਾਰਨ ਇਹ ਸੰਘਰਸ਼ਕਾਰੀ ਸਮਾਗਮ ਤੱਕ ਨਹੀਂ ਪਹੁੰਚ ਸਕੇ ਪਰ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਧਰਨੇ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੀ ਕਾਂਗਰਸ ਦੀ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਅਤੇ ਉਸ ਤੇ ਪਤੀ ਦਾ ਵੀ ਰਾਹ ਰੋਕਿਆ।
ਆਈਟੀਆਈ ਚੌਕ ’ਚ ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਅਵਾਜਾਈ ਠੱਪ ਕਰ ਕੇ ਧਰਨਾ ਦਿੱਤਾ ਗਿਆ। ਜਥੇਬੰਦੀ ਦੀ ਸੀਨੀਅਰ ਆਗੂ ਊਸ਼ਾ ਰਾਣੀ ਤੇ ਬਲਾਕ ਪ੍ਰਧਾਨ ਤ੍ਰਿਸ਼ਨਜੀਤ ਕੌਰ ਅਨੁਸਾਰ ਉਹ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਚੜ੍ਹਾਉਣ ਜਾ ਰਹੀਆਂ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਰਾਹ ਵਿਚ ਹੀ ਰੋਕ ਲਿਆ। ਉਨ੍ਹਾਂ ਪੁਲੀਸ ’ਤੇ ਉਨ੍ਹਾਂ ਨਾਲ ਮਾੜਾ ਸਲੂਕ ਕਰਨ ਦਾ ਦੋਸ਼ ਲਾਇਆ।
ਇਸੇ ਤਰ੍ਹਾਂ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਫਰੀਡਮ ਫਾਈਟਰ ਉਤਰਾਅਧਿਕਾਰੀ ਆਰਗੇਨਾਈਜ਼ੇਸ਼ਨ ਪੰਜਾਬ ਦੇ ਮੈਂਬਰਾਂ ਅਤੇ ਪੁਲੀਸ ਵਿਚਾਲੇ ਵੀ ਧੱਕਾ-ਮੁੱਕੀ ਹੋਈ। ਸਮਾਗਮ ਵਿੱਚ ਰੋਕੇ ਜਾਣ ਤੋਂ ਰੋਹ ਵਿਚ ਆਏ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੇ ਸੁਨਾਮ-ਬਠਿੰਡਾ ਸੜਕ ’ਤੇ ਧਰਨਾ ਲਾ ਕੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸਾਸ਼ਨ ਦੇ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।