ਸ਼ਹੀਦੀ ਸ਼ਤਾਬਦੀ: ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦੇ
ਆਤਿਸ਼ ਗੁਪਤਾ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਅੱਜ ਪੰਜਾਬ ਦੇ ਮੰਤਰੀਆਂ ਨੇ ਪੱੁਡੂਚੇਰੀ, ਮੇਘਾਲਿਆ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ ਟੀ ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁੱਡੂਚੇਰੀ ਦੇ ਮੁੱਖ ਮੰਤਰੀ ਐੱਨ ਰੰਗਾਸਾਮੀ ਨਾਲ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਸੇ ਤਰ੍ਹਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੋਂਗਕਲ ਸੰਗਮਾ ਨਾਲ ਮੁਲਾਕਾਤ ਕਰ ਕੇ ਸੱਦਾ ਦਿੱਤਾ। ਮੰਤਰੀ ਹਰਜੋਤ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸ੍ਰੀਨਗਰ ਵਿੱਚ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕਰ ਕੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਮੁੱਖ ਸਮਾਗਮ ਕਰਵਾਏ ਜਾ ਰਹੇ ਹਨ। ਅੱਜ ਤਿੰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਪੰਜਾਬ ਦੇ ਮੰਤਰੀਆਂ ਦਾ ਸੱਦਾ ਪ੍ਰਵਾਨ ਕਰਦਿਆਂ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ।
