ਸ਼ਹੀਦੀ ਸ਼ਤਾਬਦੀ: ਗੁਜਰਾਤ ਦੇ ਮੁੱਖ ਮੰਤਰੀ ਨੂੰ ਸੱਦਾ
ਅਮਨ ਅਰੋਡ਼ਾ ਤੇ ਤਰੁਨਪ੍ਰੀਤ ਸੌਂਦ ਵੱਲੋਂ ਭੂਪੇਂਦਰ ਪਟੇਲ ਨਾਲ ਗਾਂਧੀਨਗਰ ’ਚ ਮੁਲਾਕਾਤ
ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਗਾਂਧੀਨਗਰ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਸਬੰਧੀ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ, ਮਾਨਵੀ ਕਦਰਾਂ ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਵਿੱਚ ਦੇਸ਼ ਦੇ ਰਾਸ਼ਟਰਪਤੀ ਸਣੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਹੋਣਗੇ।

