ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਗੁਰਦੁਆਰਾ ਦਮਦਮਾ ਸਾਹਿਬ ਪੁੱਜਾ
ਜਗਤਾਰ ਸਿੰਘ ਲਾਂਬਾ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਪੁੱਜਿਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰੇ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ ਮੌਜੂਦ ਸਨ। ਇਹ ਨਗਰ ਕੀਰਤਨ ਅੱਜ ਪਲਿਆ ਕਲਾਂ, ਮੈਲਾਨੀ, ਖੁਟਾਰ, ਘਰੇੜਦੌੜਾ ਤੋਂ ਹੁੰਦਾ ਹੋਇਆ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਪੁੱਜਿਆ। ਇਹ ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਗੁਰਦੁਆਰਾ ਨਾਨਕਮੱਤਾ ਸਾਹਿਬ ਉੱਤਰਾਖੰਡ ਲਈ ਰਵਾਨਾ ਹੋਵੇਗਾ।