ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਇੰਦੌਰ ਤੋਂ ਕੋਟਾ ਪਹੁੰਚਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਇਮਲੀ ਸਾਹਿਬ ਪਾਤਸ਼ਾਹੀ ਪਹਿਲੀ ਇੰਦੌਰ (ਮੱਧ ਪ੍ਰਦੇਸ਼) ਤੋਂ ਰਾਜਸਥਾਨ ਦੇ ਕੋਟਾ ਵਿੱਚ ਪੁੱਜ ਗਿਆ।
ਇਸ ਦੌਰਾਨ ਸੰਗਤ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਤੇ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ਦੀ ਕੋਟਾ ਲਈ ਰਵਾਨਗੀ ਤੋਂ ਪਹਿਲਾਂ ਗੁਰਦੁਆਰੇ ਵਿੱਚ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤ ਨੂੰ ਗੁਰੂ ਤੇਗ ਬਹਾਦਰ ਦੇ ਜੀਵਨ ਇਤਿਹਾਸ ਬਾਰੇ ਦੱਸਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਗੁਰਦੁਆਰੇ ਦੇ ਪ੍ਰਬੰਧਕਾਂ ਨੇ ਪੰਜ ਪਿਆਰਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਿਰੋਪੇ ਦੇ ਕੇ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਬਾਵਾ ਸਿੰਘ ਗੁਮਾਨਪੁਰਾ, ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਗੁਰਦਿਆਲ ਸਿੰਘ, ਇੰਚਾਰਜ ਮਲਕੀਤ ਸਿੰਘ, ਵਧੀਕ ਮੈਨੇਜਰ ਯੁਵਰਾਜ ਸਿੰਘ, ਸਹਾਇਕ ਸੁਪਰਡੈਂਟ ਪ੍ਰਭਜੋਤ ਸਿੰਘ, ਗੁਰਦੁਆਰਾ ਇਮਲੀ ਸਾਹਿਬ ਦੇ ਪ੍ਰਬੰਧਕ ਹਰਪਾਲ ਸਿੰਘ ਭਾਟੀਆ ਤੇ ਪ੍ਰਿਤਪਾਲ ਸਿੰਘ ਭਾਟੀਆ, ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ।