ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਲਖਨਊ ਪੁੱਜਾ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ ਅਤੇ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਪੁੱਜਾ ਹੈ। ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਲਖਨਊ ਵਿਖੇ ਰੁਕੇਗਾ, ਜਿਥੋਂ ਤਿੰਨ ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਲਮਬਾਗ ਲਖਨਊ ਲਈ ਰਵਾਨਾ ਹੋਵੇਗਾ। ਅੱਜ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਕੇਵਲ ਸਿੰਘ ਨੇ ਸੰਗਤ ਨੂੰ ਗੁਰੂ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕਰ ਕੇ ਸਤਿਕਾਰ ਦਿੱਤਾ। ਰਸਤੇ ਵਿਚ ਸੰਗਤਾਂ ਵੱਲੋਂ ਲੰਗਰ ਵੀ ਲਗਾਏ ਗਏ। ਸਥਾਨਕ ਸੰਗਤਾਂ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡੇ ਅਕਾਰ ਦੀਆਂ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸਬੰਧਿਤ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਸੀ।