ਸ਼ਹੀਦੀ ਸ਼ਤਾਬਦੀ: ਉੱਤਰ ਪ੍ਰਦੇਸ਼ ਦੇ ਮਹਿੰਗਾਪੁਰ ਪੁੱਜਾ ਨਗਰ ਕੀਰਤਨ
ਜਗਤਾਰ ਸਿੰਘ ਲਾਂਬਾ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਯਹੀਆ ਗੰਜ ਲਖਨਊ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਲਈ ਰਵਾਨਾ ਹੋਇਆ ਅੇਤੇ ਸ਼ਾਮ ਨੂੰ ਉਥੇ ਪੁੱਜਾ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਗੁਰਦੁਆਰਾ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਵਿਖੇ ਰੁਕੇਗਾ, ਜਿਥੋਂ ਪੰਜ ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ, ਪੂਰਨਪੁਰ ਲਈ ਰਵਾਨਾ ਹੋਵੇਗਾ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ, ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ, ਘਟਗਿਣਤੀ ਕਮਿਸ਼ਨ ਦੇ ਮੈਂਬਰ ਹਰਪਾਲ ਸਿੰਘ ਜੱਗੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸਥਾਨਕ ਸੰਗਤ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ।