ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਉਤਰਾਖੰਡ ਪੁੱਜਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ਼ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਤੋਂ ਚਲ ਕੇ ਉਤਰਾਖੰਡ ਵਿੱਚ ਦਾਖ਼ਲ ਹੋ ਗਿਆ ਹੈ। ਇਹ ਨਗਰ ਕੀਰਤਨ ਹੁਣ ਤਕ ਅਸਾਮ, ਪੱਛਮੀ ਬੰਗਾਲ, ਉੜੀਸਾ, ਬਿਹਾਰ ਤੇ ਉਤਰ ਪ੍ਰਦੇਸ਼ ਆਦਿ ਸੂਬਿਆਂ ਵਿੱਚੋਂ ਲੰਘਦਾ ਹੋਇਆ ਹੁਣ ਉਤਰਾਖੰਡ ਸੂਬੇ ਵਿੱਚ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ’ਚ ਪੁੱਜਿਆ ਹੈ। ਅੱਜ ਸਵੇਰੇ ਨਗਰ ਕੀਰਤਨ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰੇ ’ਚ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਗੁਰ-ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ । ਨਗਰ ਕੀਰਤਨ ਦੇ ਆਰੰਭ ਤੋਂ ਪਹਿਲਾਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਇਹ ਨਗਰ ਕੀਰਤਨ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ ਪੂਰਨਪੁਰ ਤੋਂ ਆਰੰਭ ਹੋ ਕੇ ਸਾਹਗੜ੍ਹ, ਪੀਲੀਭੀਤ, ਮਝੋਲਾ, ਖਟੀਮਾ ਤੇ ਝਨਕਟ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਪੁੱਜਾ। ਰਸਤੇ ਵਿੱਚ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਸਮਰਪਿਤ ਇਸ ਨਗਰ ਕੀਰਤਨ ਪ੍ਰਤੀ ਸਥਾਨਕ ਸੰਗਤ ਵਿੱਚ ਵੱਡਾ ਉਤਸ਼ਾਹ ਸੀ। ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਰੁਕੇਗਾ ਜਿੱਥੋਂ 7 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਬਰੇਲੀ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਮਲੇ ਤੋ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਗਜੀਤ ਸਿੰਘ, ਬਲਬੀਰ ਸਿੰਘ ਤੇ ਡਾ. ਜੋਗਿੰਦਰ ਸਿੰਘ ਸਮੇਤ ਸੰਗਤ ਹਾਜ਼ਰ ਸਨ।