ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਦੀ ਅਲਾਹਾਬਾਦ ਲਈ ਰਵਾਨਗੀ ਅੱਜ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਚਾਚਾ ਫੱਗੂਮੱਲ ਸਾਸਾਰਾਮ ਤੋਂ ਅਗਲੇ ਪੜਾਅ ਗੁਰਦੁਆਰਾ ਗੁਰੂ ਬਾਗ ਬਨਾਰਸ ਉੱਤਰ ਪ੍ਰਦੇਸ਼ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਚਾਚਾ ਫੱਗੂਮੱਲ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਸਾਰੇ ਰਸਤੇ ਵਿਚ ਜਿਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਉਥੇ ਯੂਪੀ ਬਿਹਾਰ ਸਰਹੱਦ ’ਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਦਾ ਸਵਾਗਤ ਕੀਤਾ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ ਗਿਆ। ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਗੁਰੂ ਬਾਗ ਬਨਾਰਸ ਯੂਪੀ ਵਿਖੇ ਪੁੱਜੇਗਾ, ਜਿਥੋਂ 31 ਅਗਸਤ ਨੂੰ ਨਗਰ ਕੀਰਤਨ ਆਪਣੇ ਅਗਲੇ ਪੜਾਅ ਅਲਾਹਾਬਾਦ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ, ਜਗਸੀਰ ਸਿੰਘ ਮਾਂਗੇਆਣਾ, ਅਜੈਬ ਸਿੰਘ ਅਭਿਆਸੀ, ਓਐੱਸਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ, ਸਾਬਕਾ ਮੰਤਰੀ ਹਰਪਾਲ ਸਿੰਘ ਜੱਗੀ, ਕਰਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।