ਸ਼ਹੀਦੀ ਸ਼ਤਾਬਦੀ: ਸ਼੍ਰੋਮਣੀ ਕਮੇਟੀ ਵੱਲੋਂ ਯੂਪੀ ਦੇ ਮੁੱਖ ਮੰਤਰੀ ਨੂੰ ਸੱਦਾ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ’ਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਆਦਿੱਤਿਆ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਬੀਤੇ ਦਿਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਵਿਚ ਮੁੱਖ ਮੰਤਰੀ ਆਦਿੱਤਿਆ ਨਾਥ ਯੋਗੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਯੋਗੀ ਨੂੰ ਸੱਦਾ-ਪੱਦਰ ਸੌਂਪਿਆ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਯਹਿਆਗੰਜ ਲਖਨਊ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਅਤੇ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਵਿੰਦਰ ਸਿੰਘ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਨਵੰਬਰ ਵਿਚ ਹੋ ਰਹੇ ਸਮਾਗਮਾਂ ਵਿਚ ਸਮੂਲੀਅਤ ਲਈ ਦੇਸ਼ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ-ਪੱਤਰ ਦਿੱਤੇ ਜਾ ਰਹੇ ਹਨ। ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵਫ਼ਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਯੋਗੀ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ।