ਸ਼ਹੀਦੀ ਪੁਰਬ: ਨਗਰ ਕੀਰਤਨ ਗੁਰਦੁਆਰਾ ਨਾਨਕ ਝੀਰਾ ਤੋਂ ਤਖ਼ਤ ਹਜ਼ੂਰ ਸਾਹਿਬ ਲਈ ਰਵਾਨਾ
ਜਗਤਾਰ ਸਿੰਘ ਲਾਂਬਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕ ਤੋਂ ਤਖ਼ਤ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਲਈ ਰਵਾਨਾ ਹੋਇਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੱਜ ਇਹ ਨਗਰ ਕੀਰਤਨ ਤਖ਼ਤ ਹਜ਼ੂਰ ਸਾਹਿਬ ਪਹੁੰਚੇਗਾ, ਜਿੱਥੇ ਛੇ ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਤਖ਼ਤ ਹਜ਼ੂਰ ਸਾਹਿਬ ਤੋਂ ਇਹ ਨਗਰ ਕੀਰਤਨ ਸੱਤ ਅਕਤੂਬਰ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਤੋਂ ਹਜ਼ੂਰ ਸਾਹਿਬ ਜਾਂਦੇ ਸਮੇਂ ਰਸਤੇ ਵਿੱਚ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਵੱਖ-ਵੱਖ ਧਰਮਾਂ ਨਾਲ ਸਬੰਧਤ ਸੰਗਤ ਵਿੱਚ ਵੱਡਾ ਉਤਸ਼ਾਹ ਸੀ। ਸੰਗਤ ਵੱਲੋਂ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਰਣਜੀਤ ਸਿੰਘ ਕਾਹਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਪ੍ਰੀਤ ਸਿੰਘ ਝੱਬਰ, ਜਸਮੇਰ ਸਿੰਘ ਲਾਛੜੂ, ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਧਾਨ ਬਲਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨ ਵਿੱਚ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਗਿਆਨੀ ਸੁਲਤਾਨ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸੰਗਤ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।