ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਲਈ ਰਵਾਨਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਨਗਰ ਕੀਰਤਨ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ।
ਇਸ ਮੌਕੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿੱਚ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਨੇ ਕੀਰਤਨ ਕੀਤਾ। ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨਾਲ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਕੌਮ ਲਈ ਵੱਡੇ ਅਰਥ ਰੱਖਦੀ ਹੈ। ਸਭ ਦਾ ਫ਼ਰਜ਼ ਹੈ ਕਿ ਇਸ ਸ਼ਤਾਬਦੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸਮਾਗਮਾਂ ’ਚ ਆਪਣੀ ਹਾਜ਼ਰੀ ਯਕੀਨੀ ਬਣਾਈਏ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਵਨ ਸਰੂਪ ਪਾਲਕੀ ’ਚ ਸੁਸ਼ੋਭਿਤ ਕਰਨ ਦੀ ਸੇਵਾ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਰਸਤੇ ਵਿਚ ਵੱਖ-ਵੱਖ ਪੜਾਵਾਂ ਤੇ ਸਕੂਲੀ ਬੱਚਿਆਂ ਅਤੇ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਅਮਰਜੀਤ ਸਿੰਘ ਬੰਡਾਲਾ, ਵਿਧਾਇਕਾ ਗਨੀਵ ਕੌਰ ਮਜੀਠੀਆ, ਬਾਬਾ ਸਰਦਾਰਾ ਸਿੰਘ ਮੱਖਣਵਿੰਡੀ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਗੁਰਦੀਪ ਸਿੰਘ ਤਰਸਿੱਕੇ ਵਾਲੇ, ਬਾਬਾ ਮਨਮੋਹਨ ਸਿੰਘ ਭੰਗਾਲੀ ਵਾਲੇ, ਬਾਬਾ ਮੇਜਰ ਸਿੰਘ ਸੋਢੀ, ਅਮਰੀਕ ਸਿੰਘ ਕਲੇਰਾਂ ਵਾਲੇ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਕੰਵਲਜੀਤ ਸਿੰਘ ਨਾਗੀਆਣਾ, ਬਾਬਾ ਦੀਦਾਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ, ਸੁਪਰਵਾਈਜ਼ਰ ਲਾਲ ਸਿੰਘ, ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਜਗਰੂਪ ਸਿੰਘ, ਪ੍ਰਚਾਰਕ ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਹਰਪ੍ਰੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਦਿਲਬਾਗ ਸਿੰਘ ਸਭਰਾ ਤੇ ਭਾਈ ਹਰਜਿੰਦਰ ਸਿੰਘ ਸਣੇ ਸੰਗਤ ਹਾਜ਼ਰ ਸੀ।
