ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 9 ਸਤੰਬਰ
ਸ਼੍ਰ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿੱਚ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਪ੍ਰਧਾਨਗੀ ਭਾਸ਼ਨ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੂੰ ਮੁੱਢ-ਕਦੀਮ ਤੋਂ ਹੀ ਪਵਿੱਤਰ ਗੁਰਧਾਮਾਂ ਤੋਂ ਜਬਰ-ਜ਼ੁਲਮ ਵਿਰੁੱਧ ਲੜਨ ਦੀ ਸ਼ਕਤੀ ਮਿਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਾਨੂੰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ ਚੱਲ ਕੇ ਸਿੱਖ ਸਿਧਾਂਤਾਂ ਅਤੇ ਸਿੱਖ ਸੰਸਥਾਵਾਂ ’ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਤਤਪਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕਿਆਂ ਨੇ ਹਮੇਸ਼ਾ ਸਿੱਖਾਂ ਨੂੰ ਦ੍ਰਿੜ੍ਹਤਾ ਦਿੱਤੀ ਹੈ।
ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਹਵੀਂ ਸਦੀ ਦੇ ਆਰੰਭ ’ਚ ਸ਼ੁਰੂ ਹੋਈ ਗੁਰਦੁਆਰਾ ਸੁਧਾਰ ਲਹਿਰ ਤੋਂ ਸੇਧ ਲੈ ਕੇ ਅਜੋਕੇ ਹਾਲਾਤਾਂ ਦਾ ਮੁਕਾਬਲਾ ਕਰਨ ਅਤੇ ਸਿੱਖ ਸੰਸਥਾਵਾਂ ਦੇ ਵੱਕਾਰ ਨੂੰ ਬਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਿੱਖਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਕਾਰਨ ਗੁਰੂ ਸਿਧਾਂਤਾਂ ਤੋਂ ਦੂਰ ਹੋਣਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਚਾਰ ਰੱਖੇ।
ਯਾਤਰੀ ਨਿਵਾਸ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ
ਸ੍ਰੀ ਕੀਰਤਪੁਰ ਸਾਹਿਬ (ਪੱਤਰ ਪ੍ਰੇਰਕ): ਇਤਿਹਾਸਕ ਤੇ ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿੱਚ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿੱਚ 40 ਕਮਰੇ, 8 ਸਟੋਰ ਅਤੇ 8 ਹਾਲਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਆਦਿ ਨੇ ਟੱਕ ਲਗਾ ਕੇ ਕਾਰ ਸੇਵਾ ਦਾ ਕੰਮ ਸ਼ੁਰੂ ਕਰਵਾਇਆ । ਇਸ ਮੌਕੇ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਉਪਰੰਤ ਕੰਮ ਦੀ ਆਰੰਭਤਾ ਕੀਤੀ ਗਈ।