ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਅਗਸਤ
ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ ਅੱਜ ਇੱਥੇ ਦੋ ਥਾਵਾਂ ’ਤੇ ਮਨਾਇਆ ਗਿਆ। ਇਸ ਸਬੰਧੀ ਇੱਕ ਸਮਾਗਮ ਵਿੱਚ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਦਕਿ ਸਥਾਨਕ ਟਾਊਨ ਹਾਲ ਵਿੱਚ ਸਾਬਕਾ ਭਾਜਪਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਸ਼ਹੀਦ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ।
ਸ੍ਰੀ ਸੋਨੀ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨ੍ਹਾਂ ਦੇ ਪਰਿਵਾਰ ਦੇਸ਼ ਦਾ ਵਿਰਸਾ ਅਤੇ ਸਰਮਾਇਆ ਹਨ। ਇਸ ਮੌਕੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦਾ ਵੀ ਜ਼ਿਕਰ ਕੀਤਾ ਗਿਆ। ਇਸ ਮੌਕੇ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਕਾਰਪੋਰੇਸ਼ਨ ਮਲਵਿੰਦਰ ਸਿੰਘ ਜੱਗੀ, ਐੱਸਡੀਐੱਮ ਅਰਸ਼ਦੀਪ ਸਿੰਘ, ਕੈਪਟਨ ਸੰਜੀਵ ਸ਼ਰਮਾ, ਤਹਿਸੀਲਦਾਰ ਲਖਬੀਰ ਸਿੰਘ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਦੌਰਾਨ ਟਾਊਨ ਹਾਲ ਵਿੱਚ ਸ਼ਹੀਦ ਦੇ ਬੁੱਤ ਨੇੜੇ ਸ਼ਹੀਦੀ ਸਮਾਗਮ ਦੌਰਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਆਖਿਆ ਕਿ ਉਹ ਪਿਛਲੇ 12 ਸਾਲਾਂ ਤੋਂ ਸ਼ਹੀਦ ਦੇ ਘਰ ਨੂੰ ਸਮਾਰਕ ਬਣਵਾਉਣ ਲਈ ਯਤਨ ਕਰ ਰਹੇ ਹਨ ਪਰ ਹੁਣ ਤੱਕ ਸਫ਼ਲਤਾ ਨਹੀਂ ਮਿਲੀ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੋਲ ਬਾਗ਼ ਸਮਾਰਕ ਬਣਾਉਣ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਦਨ ਲਾਲ ਢੀਂਗਰਾ ਅੰਮ੍ਰਿਤਸਰ ਦੇ ਵਸਨੀਕ ਸਨ, ਜਿਨ੍ਹਾਂ ਵਿਦੇਸ਼ ਵਿੱਚ ਦੇਸ਼ ਖ਼ਾਤਰ ਸ਼ਹੀਦੀ ਦਿੱਤੀ ਸੀ। ਇਸ ਮੌਕੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਸਮਿਤੀ ਦੇ ਪ੍ਰਧਾਨ ਰਾਕੇਸ਼ ਕੁਮਾਰ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।