DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਰਾਗੜ੍ਹੀ ਦੇ ਸ਼ਹੀਦ ਸਦਾ ਯਾਦ ਰਹਿਣਗੇ: ਭਗਵੰਤ ਮਾਨ

ਮੁੱਖ ਮੰਤਰੀ ਨੇ ‘ਸਾਰਾਗੜ੍ਹੀ ਵਾਰ ਮੈਮੋਰੀਅਲ’ ਦਾ ਨੀਂਹ ਪੱਥਰ ਰੱਖਿਆ
  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ।
Advertisement

ਸੰਜੀਵ ਹਾਂਡਾ

ਫ਼ਿਰੋਜ਼ਪੁਰ, 12 ਸਤੰਬਰ

Advertisement

ਦੁਨੀਆ ਦੀਆਂ ਦਸ ਵੱਡੀਆਂ ਜੰਗਾਂ ਵਿੱਚ ਸ਼ੁਮਾਰ ਸਾਰਾਗੜ੍ਹੀ ਕਿਲ੍ਹੇ ਦੀ ਇਤਿਹਾਸਕ ਜੰਗ ਵੇਲੇ 36 ਸਿੱਖ ਰੈਜੀਮੈਂਟ ਦੇ 21 ਸੂਰਬੀਰ ਸਿੱਖ ਸੈਨਿਕਾਂ ਦੀਆਂ ਹੋਈਆਂ ਲਾਸਾਨੀ ਕੁਰਬਾਨੀਆਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਇਹ ਵਿਚਾਰ ਅੱਜ ਇੱਥੇ ਸਾਰਾਗੜ੍ਹੀ ਗੁਰਦੁਆਰੇ ’ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ‘ਸਾਰਾਗੜ੍ਹੀ ਵਾਰ ਮੈਮੋਰੀਅਲ’ ਦਾ ਨੀਂਹ ਪੱਥਰ ਰੱਖਿਆ ਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਹ ਯਾਦਗਾਰ ਛੇ ਮਹੀਨਿਆਂ ਵਿਚ ਮੁਕੰਮਲ ਕੀਤੀ ਜਾਵੇਗੀ ਤੇ ਭਗਵੰਤ ਮਾਨ ਖ਼ੁਦ ਇਸ ਦੀ ਨਿਗਰਾਨੀ ਕਰਨਗੇ। ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਇਸ ਦੇ ਨਿਰਮਾਣ ਵਿਚ ਅਣਉਚਿਤ ਦੇਰੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਨੂੰ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਅੱਜ ਦਾ ਇਹ ਸਮਾਗਮ ਉਨ੍ਹਾਂ ਮਹਾਨ ਯੋਧਿਆਂ ਨੂੰ ਸਮਰਪਿਤ ਕੀਤਾ ਗਿਆ ਹੈ, ਜਿਨ੍ਹਾਂ 12 ਸਤੰਬਰ 1897 ਨੂੰ ਸਾਰਾਗੜ੍ਹੀ ਕਿਲ੍ਹੇ ਦੀ ਰਾਖੀ ਕਰਦਿਆਂ ਦਸ ਹਜ਼ਾਰ ਪਠਾਣਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਸੀ। ਇਨ੍ਹਾਂ 21 ਯੋਧਿਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪੰਜਾਬ ਸਰਕਾਰ ਵੱਲੋਂ ‘ਸਾਰਾਗੜ੍ਹੀ ਵਾਰ ਮੈਮੋਰੀਅਲ’ ਲਈ ਖੁੱਲ੍ਹੇ ਦਿਲ ਨਾਲ ਰਕਮ ਖਰਚ ਕੀਤੀ ਜਾਵੇਗੀ ਤੇ ਇਸ ਸਰਹੱਦੀ ਜ਼ਿਲ੍ਹੇ ਨੂੰ ਟੂਰਿਸਟ ਪਲੇਸ ਵਜੋਂ ਵਿਕਸਿਤ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਅਤੇ ਸੂਰਬੀਰਾਂ ਦੀ ਧਰਤੀ ਹੈ, ਜਿਸ ਦੀ ਮਿਸਾਲ ਹੋਰ ਕਿਧਰੇ ਵੀ ਨਹੀਂ ਮਿਲਦੀ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਵੀ ਕੀਤਾ ਤੇ ਪਹਿਲੀ ਵਾਰ ਸੰਸਦ ਵਿਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਦਾ ਕਿੱਸਾ ਸਾਂਝਾ ਕੀਤਾ। ਉਨ੍ਹਾਂ ਆਖਿਆ ਕਿ ਦਸੰਬਰ ਮਹੀਨੇ ਵਿੱਚ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਸ਼ਹਾਦਤ ਕਰਕੇ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਇਸ ਮਹੀਨੇ ’ਚ ਸਰਕਾਰੀ ਪੱਧਰ ਉਤੇ ਕੋਈ ਵੀ ਖ਼ੁਸ਼ੀ ਦਾ ਸਮਾਗਮ ਨਹੀਂ ਮਨਾਇਆ ਜਾਵੇਗਾ। ਸੂਬੇ ਦੇ ਵੱਖ ਵੱਖ ਵਿਭਾਗਾਂ ’ਚ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਚੰਡੀਗੜ੍ਹ ਵਿੱਚ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਹੈਲੀਕਾਪਟਰ ਰਾਹੀਂ ਫ਼ਿਰੋਜ਼ਪੁਰ ਪਹੁੰਚੇ ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਦੌਰਾਨ ਮੰਚ ਤੋਂ ਕੋਈ ਵੀ ਸਿਆਸੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕੀਤਾ। ਹਾਲਾਂਕਿ ਪੰਜਾਬ ਦੇ ਇਤਿਹਾਸ ’ਚ ਬੇਹੱਦ ਮਹੱਤਵ ਰੱਖਦੇ ਇਸ ਸਥਾਨ ਨੂੰ ਅਣਗੌਲਿਆਂ ਕਰਨ ਲਈ ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਨਿਖੇਧੀ ਕੀਤੀ।

ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ

ਮੁੱਖ ਮੰਤਰੀ ਭਗਵੰਤ ਮਾਨ ‘ਸਾਰਾਗੜ੍ਹੀ ਵਾਰ ਮੈਮੋਰੀਅਲ’ ਦਾ ਮਾਡਲ ਦੇਖਦੇ ਹੋਏ।

ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੌਰਾਨ ਠੇਕਾ ਮੁਲਾਜ਼ਮਾਂ ਵੱਲੋਂ ਕਾਲੀਆਂ ਝੰਡੀਆਂ ਸਮੇਤ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਪੁਲੀਸ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਸਮਾਗਮ ਵਾਲੀ ਥਾਂ ਤੋਂ ਕਾਫ਼ੀ ਦੂਰ ਹੀ ਰੋਕ ਲਿਆ ਗਿਆ। ਇਹ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕੀਤੇ ਜਾਣ ਦੀ ਮੰਗ ਕਰ ਰਹੇ ਹਨ। ਠੇਕਾ ਕਰਮਚਾਰੀ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਰੁਪਿੰਦਰ ਸਿੰਘ ਦੀ ਅਗਵਾਈ ਵਿਚ ਇਹ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਪ੍ਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਲੰਘੀ ਰਾਤ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਨੂੰ ਪੁਲੀਸ ਨੇ ਉਸ ਦੇ ਘਰ ਤੋਂ ਚੁੱਕ ਲਿਆ ਤੇ ਹੋਰ ਆਗੂਆਂ ਨੂੰ ਵੀ ਗ੍ਰਿਫ਼ਤਾਰ ਕਰਕੇ ਥਾਣਿਆਂ ’ਚ ਬੰਦ ਕਰ ਦਿੱਤਾ।

Advertisement
×