ਸੰਜੀਵ ਤੇਜਪਾਲ
ਮੋਰਿੰਡਾ, 13 ਅਕਤੂਬਰ
ਬੇਜ਼ਮੀਨੇ ਮਜ਼ਦੂਰਾਂ ਸਿਰ ਓਨ ਫ਼ੰਡ ਸੁਸਾਇਟੀਆਂ ਦੇ ਚੜ੍ਹੇ ਕਰਜ਼ੇ ਅਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕਰਜ਼ੇ ਤੇ ਵਿਆਜ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਮਾਰਚ ਕਰਨ ਤੋਂ ਪਹਿਲਾਂ ਹੀ ਮੁੱਖ ਮੰਤਰੀ ਨਾਲ ਯੂਨੀਅਨ ਦੀ 21 ਅਕਤੂਬਰ ਦੀ ਮੀਟਿੰਗ ਤੈਅ ਕਰ ਦਿੱਤੀ ਗਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਸੂਬਾਈ ਆਗੂ ਮਹਿੰਦਰ ਸਿੰਘ ਖੈਰੜ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਜਿਹੜੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ, ਉਨ੍ਹਾਂ ਵਿੱਚ ਓਨ ਫ਼ੰਡ ਸੁਸਾਇਟੀਆਂ ਨੇ ਲੋਕਾਂ ਦੀਆਂ ਜਮ੍ਹਾਂ ਅਮਾਨਤਾਂ ’ਚੋਂ ਕਰਜ਼ੇ ਦਿੱਤੇ ਹਨ, ਉਨ੍ਹਾਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਮੁਆਫ਼ੀ ਦੇ ਘੇਰੇ ’ਚੋਂ ਬਾਹਰ ਰੱਖਿਆ ਗਿਆ ਹੈ। ਅਜਿਹੇ ਲੋਕਾਂ ਸਿਰ 62.14 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਖੜ੍ਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਲੋਕਾਂ ਦੀਆਂ ਜਮ੍ਹਾਂ ਅਮਾਨਤਾਂ ’ਚੋਂ ਕਰਜ਼ਾ ਦੇਣ ਵਾਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਖੇਤ ਮਜ਼ਦੂਰਾਂ ਸਿਰ ਖੜ੍ਹਾ ਕਰਜ਼ਾ ਮੁਆਫ਼ ਕੀਤਾ ਜਾਵੇ, ਖੇਤੀਬਾੜੀ ਸਭਾਵਾਂ ਵੱਲੋਂ ਔਰਤਾਂ ਦੇ ਸਵੈ-ਸੇਵੀ ਗਰੁੱਪਾਂ ਨੂੰ ਮਾਈ ਭਾਗੋ ਸਕੀਮ ਤਹਿਤ ਦਿੱਤਾ ਕਰਜ਼ਾ ਮੁਆਫ਼ ਕੀਤਾ ਜਾਵੇ, ਬੇਜ਼ਮੀਨੇ ਕਿਸਾਨਾਂ ਦੇ ਹੱਦ ਕਰਜ਼ੇ ’ਤੇ ਲਾਈ ਗਈ ਠੇਕੇ ਉੱਤੇ ਲਈ ਜ਼ਮੀਨ ਗਹਿਣੇ ਕਰਨ ਦੀ ਸ਼ਰਤ ਖ਼ਤਮ ਕੀਤੀ ਜਾਵੇ। ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਸਿੰਘ, ਇਫ਼ਟੂ ਦੇ ਕੁਲਵਿੰਦਰ ਸਿੰਘ ਵੜੈਚ, ਸੈਕਟਰੀ ਸਭਾਵਾਂ ਸਹਿਕਾਰੀ ਸਭਾਵਾਂ ਦੇ ਸ਼ਿੰਗਾਰਾ ਰਾਮ ਤੇ ਡੈਮੋਕਰੇਟਿਕ ਮੁਲਾਜ਼ਮ ਫਰੰਟ ਦੇ ਆਗੂ ਮਲਾਗਰ ਸਿੰਘ ਨੇ ਵੀ ਸੰਬੋਧਨ ਕੀਤਾ।