ਇੱਥੇ ਤਰਕਸ਼ੀਲ ਭਵਨ ਵਿੱਚ ਸਾਂਝੇ ਮਜ਼ਦੂਰ ਮੋਰਚੇ ਦੀ ਮੀਟਿੰਗ ਮੋਰਚੇ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ 11 ਅਤੇ 12 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਦੋ ਰੋਜ਼ਾ ਧਰਨਾ ਲਾਉਣ ਦਾ ਐਲਾਨ ਕੀਤਾ।
ਸਾਂਝੇ ਮਜ਼ਦੂਰ ਮੋਰਚੇ ਦੇ ਆਗੂ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਉਦ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਖੇੜੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ, ਮਜ਼ਦੂਰ ਮੁਕਤੀ ਮੋਰਚੇ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਦੱਸਿਆ ਕਿ ਬੇਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮਜ਼ਦੂਰ ਜਥੇਬੰਦੀਆਂ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ। ਸਰਕਾਰ ਦਾ ਮਜ਼ਦੂਰ ਮੰਗਾਂ ਪ੍ਰਤੀ ਰਵੱਈਆ ਨਾਂਹ-ਪੱਖੀ ਹੈ। ਇਸੇ ਦੌਰਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮੁਕੇਸ਼ ਮਲੌਦ ਨੇ ਮੀਟਿੰਗ ਦੇ ਫ਼ੈਸਲਿਆਂ ਨਾਲ ਸਹਿਮਤੀ ਪ੍ਰਗਟ ਕੀਤੀ। ਮਜ਼ਦੂਰ ਆਗੂਆਂ ਕਿਹਾ ਕਿ ਬੇਜ਼ਮੀਨੇ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦੀ ਗਾਰੰਟੀ, ਮਗਨਰੇਗਾ ਕਾਨੂੰਨ ਦੀ ਬਹਾਲੀ, ਮਜ਼ਦੂਰ ਕਰਜ਼ਿਆਂ ’ਤੇ ਲਕੀਰ ਅਤੇ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਲਾਗੂ ਕਰਵਾਉਣ ਆਦਿ ਮੰਗਾਂ ਲਈ 11-12 ਅਕਤੂਬਰ ਨੂੰ ਮਜ਼ਦੂਰ ਸੰਗਰੂਰ ਪੁੱਜਣਗੇ। ਇਸ ਲਈ ਮਜ਼ਦੂਰਾਂ ਨੂੰ ਲਾਮਬੰਦ ਕਰਨ ਵਾਸਤੇ ਪੰਜਾਬ ਭਰ ’ਚ ਮੀਟਿੰਗਾਂ ਤੇ ਰੈਲੀਆਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਭੂਪ ਚੰਦ ਚੰਨੋ, ਦਰਸ਼ਨ ਨਾਹਰ ਅਤੇ ਦਿਲਬਾਗ ਸਿੰਘ ਜ਼ੀਰਾ ਆਦਿ ਵੀ ਹਾਜ਼ਰ ਸਨ।

