ਪਟਿਆਲਾ: ਸਿਹਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਨੇ ਸਿਹਤ, ਮੈਡੀਕਲ ਸਿੱਖਿਆ ਤੇ ਖੋਜ ਖੇਤਰ ’ਚ ਸੁਧਾਰ ਕਰਨ ਵੱਲ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬੇ ਦੇ ਹਸਪਤਾਲਾਂ ’ਚ ਲੋੜੀਂਦੇ ਉਪਕਰਨ ਅਤੇ ਮਸ਼ੀਨਰੀ ਆਦਿ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਟਿਆਲਾ ਅਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ’ਚ ਐੱਮਬੀਬੀਐੱਸ ਦੀਆਂ 25-25 ਸੀਟਾਂ ਵਧਾਈਆਂ ਜਾ ਰਹੀਆਂ ਹਨ। ਉਹ ਅੱਜ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਅਚਨਚੇਤ ਪੁੱਜੇ। ਉਨ੍ਹਾਂ ਮਰੀਜ਼ਾਂ, ਡਾਕਟਰਾਂ ਤੇ ਸਟਾਫ਼ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਹੋਰ ਮੈਡੀਕਲ ਕਾਲਜ ਖੋਲ੍ਹਣ ਦੀ ਤਜਵੀਜ਼ ਵੀ ਹੈ। -ਖੇਤਰੀ ਪ੍ਰਤੀਨਿਧ