ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਅਕਤੂਬਰ
ਉੱਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਵਿੱਚ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਅੱਜ ਇੱਥੇ ਮੈਗਸੀਪਾ ਵਿੱਚ ਮੀਟਿੰਗ ਦੌਰਾਨ ਮੀਤ ਹੇਅਰ ਨੇ ਸਰਕਾਰੀ ਕਾਲਜਾਂ ਵਿੱਚ ਉਦਯੋਗਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਨਵੇਂ ਕੋਰਸ ਸ਼ੁਰੂ ਕਰਨ ਅਤੇ ਰੁਜ਼ਗਾਰ ਮੁਖੀ ਸਿੱਖਿਆ ’ਤੇ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨਵੇਂ ਖੋਲ੍ਹੇ ਗਏ ਕਾਲਜਾਂ ਦੀ ਸਮੀਖਿਆ ਕਰਦਿਆਂ ਵਿਦਿਆਰਥੀਆਂ ਦੀ ਗਿਣਤੀ ਦਾ ਵੀ ਅਧਿਐਨ ਕੀਤਾ। ਉੱਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਅਗਲੇ ਸੈਸ਼ਨ ਦੌਰਾਨ ਸਰਕਾਰੀ ਕਾਲਜਾਂ ਵਿੱਚ ਦਾਖ਼ਲੇ ਹੋਰ ਵਧਾਉਣ ਉੱਤੇ ਜ਼ੋਰ ਦਿੱਤਾ ਜਾਵੇ। ਇਸ ਵਿੱਦਿਅਕ ਸੈਸ਼ਨ 2022-23 ਵਿੱਚ ਪਿਛਲੇ ਸੈਸ਼ਨ 2021-22 ਨਾਲੋਂ ਦਾਖ਼ਲਿਆਂ ਵਿੱਚ ਵਾਧਾ ਹੋਇਆ ਹੈ। ਮੀਤ ਹੇਅਰ ਨੇ ਪ੍ਰਿੰਸੀਪਲਾਂ ਕੋਲੋਂ ਕਾਲਜਾਂ ਨੂੰ ਦਰਪੇਸ਼ ਸਮੱਸਿਆਵਾਂ ਵੀ ਸੁਣੀਆਂ ਅਤੇ ਉੱਚ ਸਿੱਖਿਆ ਵਿੱਚ ਸੁਧਾਰਾਂ ਲਈ ਪ੍ਰਤੀਕਿਰਿਆ ਵੀ ਹਾਸਲ ਕੀਤੀ। ਇਸ ਮੌਕੇ ਪ੍ਰਿੰਸੀਪਲਾਂ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ-ਕਾਲਜ ਟੀਚਰਾਂ ਨੂੰ ਯੂ.ਜੀ.ਸੀ. ਤਨਖ਼ਾਹ ਕਮਿਸ਼ਨ ਦੇਣ ਲਈ ਉੱਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਅਤੇ ਡੀ.ਪੀ.ਆਈ. (ਕਾਲਜਾਂ) ਰਾਜੀਵ ਗੁਪਤਾ ਨੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰ ਕੇ ਵਿਕਾਸ ਸਕੀਮਾਂ ਦੀ ਕਾਰਜ ਯੋਜਨਾ ਉੱਤੇ ਵਿਚਾਰ ਚਰਚਾ ਕੀਤੀ।