ਆਤਿਸ਼ ਗੁਪਤਾ
ਚੰਡੀਗੜ੍ਹ, 22 ਅਗਸਤ
ਗੰਨੇ ਦੀ ਬਕਾਇਆ ਰਾਸ਼ੀ ਅਤੇ ਗੰਨੇ ਦੀ ਕੀਮਤ ਵਧਾਉਣ ਨੂੰ ਲੈ ਕੇ ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਇੱਥੇ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਿਸਾਨ ਯੂਨੀਅਨਾਂ ਵੱਲੋਂ ਬਲਬੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ ਸਣੇ ਦਰਜਨ ਤੋਂ ਵੱਧ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਕਿਸਾਨਾਂ ਨੇ ਪੰਜਾਬ ਸਰਕਾਰ ਵੱਲ ਬਕਾਇਆ ਰਾਸ਼ੀ ਨੂੰ ਜਲਦ ਜਾਰੀ ਕਰਨ ਦੀ ਅਤੇ ਗੰਨੇ ਦੀ ਕੀਮਤ ਵਿੱਚ ਵਾਧਾ ਕਰਨ ਦੀ ਮੰਗ ਕੀਤੀ। ਕੈਬਨਿਟ ਮੰਤਰੀ ਰੰਧਾਵਾ ਨੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਨਾਲ ਮੀਟਿੰਗ ਕਰਕੇ ਗੰਨੇ ਦੇ ਲਾਗਤ ਬਾਰੇ ਗੱਲਬਾਤ ਕਰ ਲੈਣ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਣ ਵਾਲੀ ਮੀਟਿੰਗ ਵਿੱਚ ਆਖੀਰ ਫ਼ੈਸਲਾ ਲਿਆ ਜਾਵੇਗਾ। ਕਿਸਾਨ ਆਗੂਆਂ ਨੇ ਸਹਿਮਤੀ ਪ੍ਰਗਟਾਈ। ਹੁਣ 23 ਅਗਸਤ ਨੂੰ ਜਲੰਧਰ ਵਿੱਚ ਪੰਜਾਬ ਸਰਕਾਰ ਦੇ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿੱਚ ਗੰਨੇ ਦੀ ਕੀਮਤ ਨੂੰ ਲੈ ਕੇ ਮੁੜ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਗੰਨੇ ਦੀ ਕੀਮਤ ਤੈਅ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਹੋਵੇਗਾ ਉੱਦੋਂ ਤੱਕ ਪੰਜਾਬ ਦੇ ਰੇਲਵੇ ਟਰੈਕਾਂ ਅਤੇ ਨੈਸ਼ਨਲ ਹਾਈਵੇਅ ’ਤੇ ਚੱਲ ਰਹੇ ਧਰਨੇ ਜਾਰੀ ਰਹਿਣਗੇ।