ਸ਼ਹੀਦੀ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੀਟਿੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਭਲਕੇ 29 ਅਕਤੂਬਰ ਨੂੰ ਪੰਜਾਬ ਪੁੱਜ ਰਿਹਾ ਹੈ ਜਿਸ ਦੇ ਪ੍ਰਬੰਧਾਂ ਦੀ ਤਿਆਰੀ ਲਈ ਅੱਜ ਸਮੀਖਿਆ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਬਾਬਾ ਟੇਕ ਸਿੰਘ ਦੀ ਅਗਵਾਈ ਹੇਠ ਹੋਈ।
ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ ਸਾਹਿਬਾਨ ਅਤੇ ਮਾਲਵਾ ਜ਼ੋਨ ਦੇ ਪ੍ਰਚਾਰਕ ਢਾਡੀ ਅਤੇ ਕਵੀਸ਼ਰ ਸਿੰਘਾਂ ਤੋਂ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਭਲਕੇ 29 ਅਕਤੂਬਰ ਨੂੰ ਕੈਂਥਲ ਹਰਿਆਣਾ ਤੋਂ ਚੱਲ ਕੇ ਪੰਜਾਬ ਵਿੱਚ ਦਾਖਲ ਹੋਵੇਗਾ ਜਿਸ ਦਾ ਰਾਤ ਦਾ ਪੜਾਅ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਹੋਵੇਗਾ। 30 ਅਕਤੂਬਰ ਨੂੰ ਇਹ ਨਗਰ ਕੀਰਤਨ ਸੰਗਰੂਰ ਤੋਂ ਗੁਰਦੁਆਰਾ ਗੁਰੂਸਰ ਸਾਹਿਬ ਹੰਢਿਆਇਆ (ਬਰਨਾਲਾ) ਪੁੱਜੇਗਾ ਤੇ 31 ਅਕਤੂਬਰ ਨੂੰ ਬਰਨਾਲਾ ਤੋਂ ਚੱਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਠਹਿਰਾਅ ਕਰੇਗਾ। ਇੱਕ ਨਵੰਬਰ ਨੂੰ ਤਲਵੰਡੀ ਸਾਬੋ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ, 2 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਅਤੇ 3 ਨਵੰਬਰ ਨੂੰ ਫਰੀਦਕੋਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪੁੱਜੇਗਾ। ਇਸੇ ਤਰ੍ਹਾਂ 4 ਨਵੰਬਰ ਨੂੰ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ, 5 ਨਵੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, 6 ਨਵੰਬਰ ਨੂੰ ਤਰਨ ਤਾਰਨ ਤੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਛੇਹਰਟਾ ਸਾਹਿਬ (ਸ੍ਰੀ ਅੰਮ੍ਰਿਤਸਰ) ਤੋਂ ਹੁੰਦਾ ਹੋਇਆ 7 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇਗਾ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਹ ਨਗਰ ਕੀਰਤਨ ਵੱਖ—ਵੱਖ ਜ਼ਿਲਿ੍ਹਆਂ ਤੋਂ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। ਉਨ੍ਹਾਂ ਇਸ ਨਗਰ ਕੀਰਤਨ ਵਿੱਚ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
