ਕੁਲਦੀਪ ਸਿੰਘ
ਚੰਡੀਗੜ੍ਹ, 18 ਨਵੰਬਰ
ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਕੱਚੇ ਕਾਮਿਆਂ ਦੀਆਂ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਕਿਸੇ ਨਤੀਜੇ ਉਤੇ ਨਹੀਂ ਪਹੁੰਚੀ, ਜਿਸ ਕਾਰਨ ਇਹ ਕਾਮੇ ਮੰਤਰੀ ਵੜਿੰਗ ਨਾਲ ਤੜਿੰਗ ਹੋ ਗਏ ਹਨ। ਇਸ ਤੋਂ ਇਲਾਵਾ ਟਰਾਂਸਪੋਰਟ ਸਕੱਤਰ ਨਾਲ ਵੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ, ਜਿਸ ਉਪਰੰਤ ਯੂਨੀਅਨ ਨੇ 23 ਨਵੰਬਰ ਤੋਂ ਅਣਮਿਥੇ ਸਮੇਂ ਲਈ ਪੂਰੇ ਪੰਜਾਬ ਵਿੱਚ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵਿਭਾਗ ਵਿੱਚ ਕੱਚੇ ਕਾਮਿਆਂ ਵਿੱਚ ਬੱਸ ਡਰਾਈਵਰਾਂ, ਕੰਡਕਟਰਾਂ ਸਮੇਤ ਕਲੈਰੀਕਲ ਸਟਾਫ਼ ਸਫ਼ਾਈ ਸੇਵਕ, ਮਿਸਤਰੀ, ਐਡਵਾਂਸ ਬੁੱਕਰ, ਮਕੈਨਿਕ, ਡਾਟਾ ਅਪਰੇਟਰ ਆਦਿ ਕਾਮਿਆਂ ਵੱਲੋਂ ਵੀ ਕੰਮ ਬੰਦ ਰੱਖਿਆ ਜਾਵੇਗਾ।
ਯੂਨੀਅਨ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ, ਚੇਅਰਮੈਨ ਬਲਵਿੰਦਰ ਸਿੰਘ ਰਾਠ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਬਲਜੀਤ ਸਿੰਘ ਗਿੱਲ, ਸੂਬਾ ਆਗੂ ਹਰਕੇਸ਼ ਕੁਮਾਰ ਵਿੱਕੀ, ਜਗਤਾਰ ਸਿੰਘ ਅਤੇ ਰਮਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਟਰਾਂਸਪੋਰਟ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਗਿਆ। ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਨੀਅਨ ਨਾਲ 12 ਅਕਤੂਬਰ ਨੂੰ ਮੀਟਿੰਗ ਵਿੱਚ ਮੰਗਾਂ ਦਾ ਹੱਲ ਕੱਢਣ ਲਈ 20 ਦਿਨ ਦਾ ਸਮਾਂ ਮੰਗਿਆ ਸੀ ਪਰ ਹਾਲੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ ਅਤੇ ਨਵੇਂ ਐਕਟ ਨੂੰ 10 ਸਾਲ ਦਾ ਬਣਾਇਆ ਗਿਆ ਹੈ। ਨਵੇਂ ਐਕਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਬੇਬੁਨਿਆਦ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਬੋਰਡ ਅਤੇ ਕਾਰਪੋਰੇਸ਼ਨਾਂ ਨੂੰ ਬਾਹਰ ਕੱਢ ਕੇ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ ਸਿੱਧਾ ਹੀ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।
ਆਗੂਆਂ ਨੇ ਕਿਹਾ ਕਿ ਮੰਤਰੀ ਨਾਲ ਮੀਟਿੰਗ ਵਿੱਚ ਦੱਸਿਆ ਗਿਆ ਕਿ ਹਰਿਆਣਾ, ਹਿਮਾਚਲ ਪ੍ਰਦੇਸ਼ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਟਰਾਂਸਪੋਰਟ ਵਿਭਾਗ ਦੇ ਕਾਮੇ ਪੱਕੇ ਕੀਤੇ ਗਏ ਹਨ, ਜਦਕਿ ਸਿਰਫ਼ ਪੰਜਾਬ ਸਰਕਾਰ ਹੀ ‘ਉਮਾ ਦੇਵੀ ਜੱਜਮੈਂਟ’ ਦੀ ਆੜ ਬਣਾ ਕੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਬਾਰੇ ਕੋਈ ਠੋਸ ਹੱਲ ਨਾ ਕੱਢਿਆ ਤਾਂ ਅਣਮਿਥੇ ਸਮੇਂ ਦੀ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ।