ਪੱਤਰ ਪ੍ਰੇਰਕ
ਚੰਡੀਗੜ੍ਹ, 18 ਫ਼ਰਵਰੀ
ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੂੰ ਦਿੱਤੇ ਸਮੇਂ ਅਨੁਸਾਰ ਫਰੰਟ ਦੀ ਮੀਟਿੰਗ ਮੁੱਖ ਮੰਤਰੀ ਦੇ ਓਐੱਸਡੀ ਐੱਮਪੀ ਸਿੰਘ ਨਾਲ ਹੋਈ। ਸੂਬਾਈ ਕਨਵੀਨਰਾਂ ਸੱਜਣ ਸਿੰਘ, ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਠਾਕੁਰ ਸਿੰਘ, ਪ੍ਰੇਮ ਸਾਗਰ ਸ਼ਰਮਾ, ਸੁਖਜੀਤ ਸਿੰਘ ਦੀ ਅਗਵਾਈ ਹੇਠ ਮਿਲੇ ਵਫਦ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੁਲਾਜ਼ਮ ਆਗੂਆਂ ਅਨੁਸਾਰ ਓਐੱਸਡੀ ਨੇ ਵਫ਼ਦ ਨੂੰ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਅਦਾਰਿਆਂ ਦੇ ਪੁਨਰਗਠਨ ਕਰਨ ਨਾਲ ਅਸਾਮੀਆਂ ਖ਼ਤਮ ਨਹੀਂ ਕੀਤੀਆਂ ਜਾਣਗੀਆਂ, ਸੰਘਰਸ਼ਾਂ ਦੌਰਾਨ ਦਰਜ ਪੁਲੀਸ ਕੇਸਾਂ ਨੂੰ ਰੱਦ ਕੀਤਾ ਜਾਵੇਗਾ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੰਗਾਂ ਹੱਲ ਕਰਵਾਉਣ ਸਬੰਧੀ ਓਐੱਸਡੀ ਵੱਲੋਂ ਬਹੁਤ ਜਲਦ ਸਾਂਝੇ ਫਰੰਟ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਨਾਲ ਕਰਵਾਉਣ ਦਾ ਵਾਅਦਾ ਕੀਤਾ।