ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਦਸੰਬਰ
ਪੰਜਾਬ ਪੁਲੀਸ ਦੇ ਮੁਖੀ ਦੀ ਨਿਯੁਕਤੀ ਲਈ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਨੇ 21 ਦਸੰਬਰ ਨੂੰ ਮੀਟਿੰਗ ਸੱਦੀ ਹੈ। ਰਾਜ ਸਰਕਾਰ ਵੱਲੋਂ ਡੀਜੀਪੀ ਦੀ ਨਿਯੁਕਤੀ ਲਈ 1987 ਤੋਂ ਲੈ ਕੇ 1991 ਬੈਚ ਤੱਕ ਦੇ ਡੀਜੀਪੀ ਰੈਂਕ ਦੇ ਉਨ੍ਹਾਂ ਪੁਲੀਸ ਅਧਿਕਾਰੀਆਂ ਦੇ ਨਾਵਾਂ ’ਤੇ ਆਧਾਰਿਤ ਪੈਨਲ ਭੇਜਿਆ ਗਿਆ ਹੈ ਜਿਨ੍ਹਾਂ ਦਾ ਸੇਵਾਕਾਲ ਪਹਿਲੀ ਅਕਤੂਬਰ ਤੋਂ ਬਾਅਦ 6 ਮਹੀਨਿਆਂ ਦਾ ਰਹਿੰਦਾ ਹੈ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 1988 ਬੈਚ ਦੇ ਪੁਲੀਸ ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਦੇ ਅਹੁਦੇ ਦਾ ਵਾਧੂ ਚਾਰਜ ਦਿੱਤਾ ਗਿਆ ਸੀ। ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯੂਪੀਐੱਸਸੀ ਵੱਲੋਂ ਡੀਜੀਪੀ ਦੀ ਨਿਯੁਕਤੀ ਲਈ ਤਿੰਨ ਪੁਲੀਸ ਅਧਿਕਾਰੀਆਂ ਦੇ ਨਾਵਾਂ ’ਤੇ ਆਧਾਰਿਤ ਪੈਨਲ ਰਾਜ ਸਰਕਾਰ ਨੂੰ ਭੇਜ ਦਿੱਤਾ ਜਾਂਦਾ ਹੈ ਤੇ ਰਾਜ ਸਰਕਾਰ ਉਨ੍ਹਾਂ ਵਿੱਚੋਂ ਹੀ ਕਿਸੇ ਇੱਕ ਨੂੰ ਦੋ ਸਾਲਾਂ ਲਈ ਡੀਜੀਪੀ ਨਿਯੁਕਤ ਕਰ ਸਕਦੀ ਹੈ। ਇਸ ਤਰ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਪੰਜਾਬ ਨੂੰ ਪੱਕੇ ਤੌਰ ’ਤੇ ਡੀਜੀਪੀ ਮਿਲਣ ਦੀ ਸੰਭਾਵਨਾ ਹੈ।