ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਦਸੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਰਕੇ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪਣਾ ਅੜੀਅਲ ਰਵੱਈਆ ਛੱਡਣ, ਕਿਸਾਨਾਂ ਦੀਆਂ ਸਮੱਸਿਆਵਾਂ ਸਮਝਣ ਅਤੇ ਦਰਪੇਸ਼ ਦਿੱਕਤਾਂ ਦੂਰ ਕਰਨ। ਮਾਨ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨ ਕਰਕੇ ਖੇਤੀ ਅਤੇ ਕਿਸਾਨ ਦੋਵੇਂ ਹੀ ਖ਼ਤਰੇ ਵਿੱਚ ਹਨ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾਂ ਕਿਸੇ ਦੇਰੀ ਕੀਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਅੰਨਦਾਤਾ ਨਾਲ ਦੁਸ਼ਮਣ ਦੇਸ਼ ਦੇ ਵਾਸੀ ਹੋਣ ਦੀ ਤਰ੍ਹਾਂ ਵਿਵਹਾਰ ਨਾ ਕੀਤਾ ਜਾਵੇ।