ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਜੁਲਾਈ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਨੂੰ ਆਪਣੀ ਭੁੱਲ ਦਸਦਿਆਂ ਇਸ ਦੀ ਖਿਮਾਯਾਚਨਾ ਕੀਤੀ। ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਝੀਂਡਾ ਨੂੰ ਆਖਿਆ ਕਿ ਜੇਕਰ ਉਹ ਹੋਈ ਭੁੱਲ ਨੂੰ ਮਹਿਸੂਸ ਕਰਦੇ ਹਨ ਤਾਂ ਸ੍ਰੀ ਅਕਾਲ ਤਖ਼ਤ ’ਤੇ ਜਾ ਕੇ ਖਿਮਾਯਾਚਨਾ ਦੀ ਅਰਦਾਸ ਕਰਨ ਅਤੇ 100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ। ਝੀਂਡਾ ਨੂੰ ਆਖਿਆ ਕਿ ਉਹ ਇੱਕ ਸਿੱਖ ਜਥੇਬੰਦੀ ਦੇ ਮੁਖੀ ਹਨ ਅਤੇ ਉਨ੍ਹਾਂ ਨੂੰ ਅਜਿਹੀਆਂ ਭੁੱਲਾਂ ਅਤੇ ਗਲਤੀਆਂ ਤੋਂ ਬਚਣਾ ਚਾਹੀਦਾ ਹੈ।
ਮੀਡੀਆ ਨਾਲ ਗੱਲ ਕਰਦਿਆਂ ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ ਉਨ੍ਹਾਂ ਨੇ ਹੋਈ ਭੁੱਲ ਅਤੇ ਗਲਤੀ ਨੂੰ ਮਹਿਸੂਸ ਕੀਤਾ ਹੈ, ਕਿਉਂਕਿ ਸੋਸ਼ਲ ਮੀਡੀਆ ’ਤੇ ਸਿੱਖ ਸੰਗਤ ਵੱਲੋਂ ਇਸ ਭੁੱਲ ਦੀ ਆਲੋਚਨਾ ਕੀਤੀ ਗਈ ਹੈ। ਸ੍ਰੀ ਝੀਂਡਾ ਨੇ ਕਿਹਾ ਕਿ ਇਹ ਗਲਤੀ ਉਨ੍ਹਾਂ ਕੋਲੋਂ ਕਰਵਾਈ ਗਈ ਹੈ, ਪਰ ਉਨ੍ਹਾਂ ਇਸ ਮਾਮਲੇ ਵਿੱਚ ਕਿਸੇ ਦਾ ਨਾਂ ਨਹੀਂ ਲਿਆ। ਇੰਨਾ ਜ਼ਰੂਰ ਕਿਹਾ ਕਿ ਜਿਨ੍ਹਾਂ ਵੱਲੋਂ ਗਲਤੀ ਕਰਵਾਈ ਗਈ ਹੈ, ਉਨ੍ਹਾਂ ਨੂੰ ਖੁਦ ਵੀ ਇਹ ਭੁੱਲ ਦਾ ਅਹਿਸਾਸ ਕਰਕੇ ਖਿਮਾ ਯਾਚਨਾ ਕਰਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਕੁਝ ਦਿਨ ਪਹਿਲਾਂ ਡੇਰਾ ਬਿਆਸ ਗਏ ਸਨ ਅਤੇ ਡੇਰਾ ਬਿਆਸ ਦੇ ਮੁਖੀ ਨਾਲ ਮਿਲਣੀ ਸਮੇਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀਆਂ ਸਨ।