ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇੱਥੇ ਪੰਜਾਬ ਭਵਨ ਵਿੱਚ ਸਿਹਤ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ-ਚਰਚਾ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮਾਸ ਮੀਡੀਆ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਣਬੀਰ ਸਿੰਘ ਢੰਡੇ ਨੇ ਕਿਹਾ ਕਿ ਸਿਹਤ ਮੰਤਰੀ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਕਿ ਉਨ੍ਹਾਂ ਨੇ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ। ਉਨ੍ਹਾਂ ਨੂੰ ਉਮੀਦ ਹੈ ਕਿ ਮੌਜੂਦਾ ਸਰਕਾਰ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਨਵਾਂ ਇਤਿਹਾਸ ਸਿਰਜੇਗੀ।
ਅਧਿਕਾਰੀਆਂ ਦੀ ਬੇਰੁਖੀ ਦੀ ਭੇਟ ਚੜ੍ਹੀ ਮੀਟਿੰਗ
ਚੰਡੀਗੜ੍ਹ (ਪੱਤਰ ਪ੍ਰੇਰਕ): ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਪੰਜਾਬ ਦੀ ਅੱਜ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨਾਲ ਹੋਈ ਮੀਟਿੰਗ ਵਿਭਾਗ ਦੇ ਅਧਿਕਾਰੀਆਂ ਦੀ ਗੈਰ-ਸੰਜੀਦਗੀ ਕਾਰਨ ਠੁੱਸ ਹੋਣ ’ਤੇ ਯੂਨੀਅਨ ਨੇ ਮੀਟਿੰਗ ਨੂੰ ਡਰਾਮੇਬਾਜ਼ੀ ਕਰਾਰ ਦਿੰਦਿਆਂ ਚੰਡੀਗੜ੍ਹ ਦੇ ਸੈਕਟਰ 34 ਸਥਿਤ ਡਾਇਰੈਕਟਰ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਨੇ ਦੱਸਿਆ ਕਿ ਮੀਟਿੰਗ ਵਿੱਚ ਸਿਹਤ ਸਕੱਤਰ ਤੇ ਦੋਵੇਂ ਡਾਇਰੈਕਟਰਾਂ ਦੀ ਹਾਜ਼ਰੀ ’ਚ ਡਾਇਰੈਕਟਰ ਦਫ਼ਤਰ ਦੇ ਕੁਝ ਅਮਲੇ ਵੱਲੋਂ ਮੀਟਿੰਗ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਕਾਰਨ ਮੀਟਿੰਗ ਦਾ ਮਾਹੌਲ ਸੁਖਾਵਾਂ ਨਾ ਰਿਹਾ। ਸਿਹਤ ਮੰਤਰੀ ਦੇ ਮੀਟਿੰਗ ਵਿੱਚ ਹਾਜ਼ਰ ਹੋਣ ਸਮੇਂ ਹੀ ਕੁਝ ਗੱਲਾਂ ’ਤੇ ਵਿਚਾਰ ਹੋ ਸਕਿਆ ਪਰ ਡਾਇਰੈਕਟਰਾਂ ਵੱਲੋਂ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਸਬੰਧੀ ਸੰਜੀਦਗੀ ਨਹੀਂ ਦਿਖਾਈ ਗਈ।