ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਅਕਤੂਬਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਤੋਂ ਪਹਿਲਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਮਾਝਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੁੜ ਚੋਣ ਲੜਨ ਦਾ ਮੁੱਦਾ ਭਾਰੂ ਰਿਹਾ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸ੍ਰੀ ਬਾਦਲ ਨੇ ਸਮਾਗਮ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੌਜੂਦਾ ਪ੍ਰਧਾਨ ਤੇ ਟੀਮ ਦੀ ਕਾਰਗੁਜ਼ਾਰੀ ਬਾਰੇ ਮੈਂਬਰਾਂ ਦੀ ਰਾਏ ਲਈ ਤੇ ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਦੇ ਕੀਤੇ ਐਲਾਨ ਬਾਰੇ ਵੀ ਚਰਚਾ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਪੂਰੀ ਟੀਮ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ ਹੈ। ਇਸ ਦੌਰਾਨ ਇਹ ਸਵਾਲ ਖੜ੍ਹਾ ਕੀਤਾ ਗਿਆ ਕਿ ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਦਾ ਜੋ ਐਲਾਨ ਕੀਤਾ ਗਿਆ ਹੈ, ਉਸ ਤਹਿਤ ਉਹ ਪਾਰਟੀ ਵੱਲੋਂ ਚੋਣ ਲੜਨਗੇ ਜਾਂ ਬਾਗ਼ੀ ਹੋ ਕੇ। ਪਾਰਟੀ ਤੋਂ ਬਾਗ਼ੀ ਹੋਣ ਦੀ ਸੂਰਤ ਵਿੱਚ ਮੈਂਬਰਾਂ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। ਸੂਤਰਾਂ ਅਨੁਸਾਰ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਆਪਣੇ ਇਸ ਫ਼ੈਸਲੇ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਪਹਿਲਾਂ ਹੀ ਮਿਲ ਕੇ ਇਹ ਦੱਸ ਚੁੱਕੇ ਹਨ ਕਿ ਇਸ ਵਾਰ ਚੋਣ ਲੜਨ ਲਈ ਉਹ ਬਜ਼ਿੱਦ ਹਨ। ਮੀਡੀਆ ਨਾਲ ਗੱਲ ਕਰਦਿਆਂ ਜਦੋਂ ਸੁਖਬੀਰ ਬਾਦਲ ਨੂੰ ਬੀਬੀ ਜਗੀਰ ਕੌਰ ਦੇ ਇਸ ਫ਼ੈਸਲੇ ਬਾਰੇ ਪੁੱਛਿਆ ਤਾਂ ਉਨ੍ਹਾਂ ਇਸ ਬਾਰੇ ਕੁਝ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਇਸ ਸਬੰਧੀ ਅਗਿਆਨਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਬੀਬੀ ਜਗੀਰ ਕੌਰ ਦਾ ਬਹੁਤ ਸਤਿਕਾਰ ਕਰਦੇ ਹਨ।