ਪੱਤਰ ਪ੍ਰੇਰਕ
ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 17 ਜੁਲਾਈ
ਸਮਾਜ ਵਿੱਚ ਬਜ਼ੁਰਗਾਂ ਦੀ ਸੁਰੱਖਿਆ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਦੇ ਐੱਸਡੀਐੱਮ ਡਾ. ਸੰਜੀਵ ਕੁਮਾਰ ਨੇ ਬਸੀ ਪਠਾਣਾਂ ਦੇ ਐੱਸਡੀਐੱਮ ਯਸ਼ਪਾਲ ਸ਼ਰਮਾ ਦੀ ਮੌਜੂਦਗੀ ‘ਚ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਅਤੇ ਨੈਸ਼ਨਲ ਪੈਰਾ ਲੀਗਲ ਵਾਲੰਟੀਅਰਾਂ ਨਾਲ ਮੀਟਿੰਗ ਕੀਤੀ ਅਤੇ ਭਾਰਤ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿੱਚ ‘ਹੈਲਪੇਜ਼ ਇੰਡੀਆ’ ਦੇ ਰਿਸਪੌਂਸ ਅਧਿਕਾਰੀ ਇੰਦਰਜੀਤ ਕੌਰ, ਨੈਸ਼ਨਲ ਲੀਗਲ ਪੈਰਾ ਸੰਸਥਾ ਤੋਂ ਐਡਵੋਕੇਟ ਰੀਨਾ ਰਾਣੀ ਸ਼ਰਮਾ, ਹਰਭਜਨ ਸਿੰਘ ਜੱਲੋਵਾਲ ਅਤੇ ਗੁਰਵਿੰਦਰ ਸਿੰਘ ਸੋਹੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਸੁਰੱਖਿਆ ਲਈ ਭਾਰਤ ਸਰਕਾਰ ਵੱਲੋਂ ਇੱਕ ਕੌਮੀ ਹੈਲਪਲਾਈਨ ਸੇਵਾ 14567 ਸ਼ੁਰੂ ਕੀਤੀ ਗਈ ਹੈ ਜਿਸ ’ਤੇ ਫੋਨ ਕਰਕੇ ਬਣਦੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਦਫ਼ਤਰਾਂ ਦੇ ਨੋਟਿਸ ਬੋਰਡਾਂ ’ਤੇ ਇਹ ਹਦਾਇਤਾਂ ਲਿਖ ਕੇ ਲਾਉਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਦੀ ਵਿਸਤਾਰ ਵਿੱਚ ਜਾਣਕਾਰੀ ਪ੍ਰਾਪਤ ਹੋ ਸਕੇ।