ਬਲਜੀਤ ਸਿੰਘ/ਦਲਜੀਤ ਸਿੰਘ
ਸਰਦੂਲਗੜ੍ਹ/ਸੰਘਾ, 15 ਸਤੰਬਰ
ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਯਾਦਗਾਰਾਂ ਉਸਰਨੀਆਂ ਸ਼ੁਰੂ ਹੋ ਗਈਆਂ ਹਨ। ਇਸੇ ਤਹਿਤ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਕਿਸਾਨ ਜਤਿੰਦਰ ਸਿੰਘ ਦੀ ਯਾਦ ਵਿੱਚ ਅੱਜ ਸ਼ਹੀਦ ਜਤਿੰਦਰ ਸਿੰਘ ਯਾਦਗਿਰੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦਾ ਉਦਘਾਟਨ ਕਿਸਾਨੀ ਸੰਘਰਸ਼ ਦੌਰਾਨ ਆਪਣਾ ਅਹਿਮ ਰੋਲ ਨਿਭਾ ਰਹੇ ਗਾਇਕ ਹਰਫ਼ ਚੀਮਾ, ਬਾਬਾ ਦਰਸ਼ਨ ਸਿੰਘ ਮੁੱਖ ਸੇਵਾਦਾਰ ਗੁਰੂਘਰ ਫੱਤਾ ਮਾਲੋਕਾ ਅਤੇ ਬਿਕਰਮ ਮੋਫਰ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਮਾਨਸਾ ਨੇ ਰੱਖਿਆ। ਜ਼ਿਲ੍ਹਾ ਪਰਿਸ਼ਦ ਮਾਨਸਾ ਦੇ ਚੇਅਰਮੈਨ ਵੱਲੋਂ ਜਾਰੀ ਕੀਤੇ ਗਏ ਵਿਸ਼ੇਸ਼ ਫੰਡ ਨਾਲ ਇਹ ਲਾਇਬ੍ਰੇਰੀ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗੀ। ਲਾਇਬ੍ਰੇਰੀ ਦੇ ਨੀਂਹ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਮਗਰੋਂ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਮਘਾਈ ਰੱਖਣ ਲਈ ਸ਼ਹੀਦ ਜਤਿੰਦਰ ਸਿੰਘ ਵਰਗੇ ਕਿਸਾਨਾਂ ਦਾ ਵਿਸ਼ੇਸ਼ ਯੋਗਦਾਨ ਹੈ, ਜਿਸ ਲਈ ਕਿਸਾਨ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲਿਆਂ ਦਾ ਨਾਂ ਹਮੇਸ਼ਾ ਸੁਨਿਹਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।
ਬੁਲਾਰਿਆਂ ਨੇ ਕਿਹਾ ਕਿ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਖੇਤੀ ਕਾਨੂੰਨ ਰੱਦ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਹਾਜ਼ਰੀਨ ਨੂੰ ਕਿਸਾਨ ਸੰਘਰਸ਼ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਸ਼ਹੀਦ ਦੀ ਯਾਦ ਵਿੱਚ ਇਕ ਗਲੀ ਵੀ ਬਣਾਈ ਜਾ ਚੁੱਕੀ ਹੈ ਅਤੇ ਇਕ ਪਾਣੀ ਵਾਲਾ ਟੈਂਕਰ ਵੀ ਪਿੰਡ ਨੂੰ ਦਿੱਤਾ ਜਾ ਚੁੱਕਿਆ ਹੈ।