ਆਤਿਸ਼ ਗੁਪਤਾ
ਚੰਡੀਗੜ੍ਹ, 18 ਜੂਨ
ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਚੱਲ ਰਹੀਆਂ ਤੇਜ਼ ਹਵਾਵਾਂ ਮਗਰੋਂ ਤਾਪਮਾਨ 2.5 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਤਾਪਮਾਨ ਡਿੱਗਣ ਨਾਲ ਲੋਕਾਂ ਨੇ ਵੀ ਅਤਿ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ, ਜਿਸ ਨਾਲ ਲੋਕਾਂ ਦੇ ਚਿਹਰੇ ਖਿੜ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਨਵਾਂਸ਼ਹਿਰ, ਫ਼ਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਮੁਹਾਲੀ, ਰੋਪੜ ਤੇ ਹੋਰਨਾਂ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ। ਮੀਂਹ ਮਗਰੋਂ ਪੰਜਾਬ ਵਿੱਚ ਪਠਾਨਕੋਟ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ ਮੌਸਮ ਵਿਗਿਆਨੀਆਂ ਨੇ 19 ਜੂਨ ਨੂੰ ਵੀ ਮੌਸਮ ਖਰਾਬ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਹਲਕਾ ਜਾਂ ਦਰਮਿਆਨਾ ਮੀਂਹ ਪਵੇਗਾ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਗਰਮੀ ਤੋਂ ਰਾਹਤ ਮਿਲਣ ਕਰਕੇ ਕਿਸਾਨਾਂ ਨੇ ਵੀ ਝੋਨੇ ਦੀ ਲੁਆਈ ਤੇਜ਼ ਕਰ ਦਿੱਤੀ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਵਾ ਦਿੱਤੀ ਸੀ, ਪਰ ਅਤਿ ਦੀ ਗਰਮੀ ਪੈਣ ਕਰਕੇ ਕਿਸਾਨਾਂ ਵੱਲੋਂ ਕੁਝ ਦਿਨਾਂ ਤੋਂ ਹੀ ਝੋਨੇ ਦੀ ਲੁਆਈ ਲਈ ਜ਼ੋਰ ਫੜਿਆ ਹੈ। ਦੂਜੇ ਪਾਸੇ ਮੱਕੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਜ਼ਰੂਰ ਵੱਧ ਗਈਆਂ ਹਨ, ਕਿਉਂਕਿ ਕਈਆਂ ਦੀ ਮੱਕੀ ਮੰਡੀਆਂ ਵਿੱਚ ਭਿੱਜ ਗਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪਠਾਨਕੋਟ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 36.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 38, ਲੁਧਿਆਣਾ ਵਿੱਚ 34.3, ਪਟਿਆਲਾ ਵਿੱਚ 35.2, ਬਠਿੰਡਾ ਵਿੱਚ 37.8, ਫਰੀਦਕੋਟ ਵਿੱਚ 36.5, ਗੁਰਦਾਸਪੁਰ ਵਿੱਚ 37 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।