ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਨਵੰਬਰ
ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਦੋ ਜਥੇਦਾਰਾਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤੇ ਗਏ ਹਨ। ਭਾਈ ਮੰਡ ਨੂੰ ਪੁਲੀਸ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਨਹੀਂ ਜਾਣ ਦਿੱਤਾ, ਜਿਸ ਕਾਰਨ ਉਨ੍ਹਾਂ ਬਾਹਰੋਂ ਹੀ ਸੰਦੇਸ਼ ਜਾਰੀ ਕੀਤਾ। ਇਸ ਦਿਵਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।
ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕਈ ਬੰਦੀ ਸਿੱਖ ਅਜਿਹੇ ਹਨ, ਜਿਨ੍ਹਾਂ ਦੀਆਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਭਾਰਤ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ। ਸਿੱਖ ਕੌਮ ਉਨ੍ਹਾਂ ਦੀ ਰਿਹਾਈ ਲਈ ਭਾਰਤ ਸਰਕਾਰ ’ਤੇ ਕੌਮੀ ਪੱਧਰ ਦਾ ਦਬਾਅ ਬਣਾਵੇ। ਉਨ੍ਹਾਂ ਲਾਲਚ ਵੱਸ ਕੀਤੇ ਜਾ ਰਹੇ ਧਰਮ ਪਰਿਵਰਤਨ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ, ‘‘ਕੌਮ ਇਸ ਪ੍ਰਤੀ ਸੁਚੇਤ ਹੋਵੇ। ਸਿੱਖ ਸੰਸਥਾਵਾਂ ਅਜਿਹੇ ਪ੍ਰੋਗਰਾਮ ਉਲੀਕਣ, ਜਿਸ ਨਾਲ ਸਮ0ੁੱਚਾ ਸਿੱਖ ਸਮਾਜ, ਗੁਰਬਤ, ਅਨਪੜ੍ਹਤਾ, ਬੀਮਾਰੀ ਅਤੇ ਲਾਚਾਰੀ ਤੋਂ ਮੁਕਤ ਹੋ ਸਕੇ।’’
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਮੇਂ ਦੀਆਂ ਹਕੂਮਤਾਂ ਵੱਲੋਂ ਸਿੱਖ ਕੌਮ ਨੂੰ ਦਬਾਉਣ ਦਾ ਵਰਤਾਰਾ ਅੱਜ ਵੀ ਜਾਰੀ ਹੈ, ਜਿਸ ਖ਼ਿਲਾਫ਼ ਅੱਜ ਵੀ ਸਿੱਖ ਕੌਮ ਨੂੰ ਸਿਰ ਜੋੜ ਕੇ ਬੈਠਣ ਦੀ ਲੋੜ ਹੈ। ਉਨ੍ਹਾਂ ਇਸ ਮੌਕੇ ਸ਼ਹੀਦ ਭਾਈ ਮਨੀ ਸਿੰਘ ਦੀ ਸ਼ਹਾਦਤ ਨੂੰ ਯਾਦ ਕੀਤਾ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰ੍ਹਾਂ ਰੁਸ਼ਨਾਇਆ ਗਿਆ ਸੀ ਅਤੇ ਕੁਝ ਮਿੰਟਾਂ ਲਈ ਆਤਿਸ਼ਬਾਜ਼ੀ ਵੀ ਕੀਤੀ ਗਈ। ਪਰੰਪਰਾ ਮੁਤਾਬਕ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਿੱਖ ਕੌਮ ਨਵੀਂ ਪੰਥਕ ਸਫ਼ਬੰਦੀ ਕਰੇ: ਮੰਡ
ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸੂਚਨਾ ਕੇਂਦਰ ਨੇੜੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਿੱਖ ਕੌਮ ਨੂੰ ਸੱਦਾ ਦਿੱਤਾ ਕਿ ਇਕ ਨਵੀਂ ਪੰਥਕ ਸਫ਼ਬੰਦੀ ਕੀਤੀ ਜਾਵੇ ਅਤੇ ਪੰਥਕ ਜਜ਼ਬਾਤ ਦੀ ਤਰਜਮਾਨੀ ਕਰਨ ਵਾਲੇ ਆਗੂਆਂ ਨੂੰ ਪੰਥ ਦੀ ਅਗਵਾਈ ਵਾਸਤੇ ਅੱਗੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰਾਂ ਕੋਲੋਂ ਨਾ ਤਾਂ ਬੇਅਦਬੀ ਮਾਮਲੇ ਵਿੱਚ ਇਨਸਾਫ਼ ਮਿਲਿਆ ਹੈ ਅਤੇ ਨਾ ਹੀ ਜੇਲ੍ਹਾਂ ਵਿੱਚ ਬੰਦੀ ਸਿੱਖ ਰਿਹਾਅ ਕੀਤੇ ਗਏ ਹਨ। ਕਿਸਾਨ ਵੀ ਇੱਕ ਸਾਲ ਤੋਂ ਨਿਆਂ ਮੰਗਦੇ ਹੋਏ ਸੜਕਾਂ ’ਤੇ ਰੁਲ ਰਹੇ ਹਨ। ਸਿੱਖ ਪੰਥ ਨੇ ਪੰਜਾਬ ਦੇ ਹੱਕ ਮੰਗਦਿਆਂ ਵੱਡਾ ਨੁਕਸਾਨ ਝੱਲਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਫ਼ੈਸਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਸਮੁੱਚੀ ਕੌਮ ਨੂੰ ਖ਼ਾਲਸਈ ਨਿਸ਼ਾਨ ਹੇਠਾਂ ਇਕੱਠੇ ਹੋਣਾ ਚਾਹੀਦਾ ਹੈ, ਤਾਂ ਜੋ ਕੌਮ ਆਪਣਾ ਏਜੰਡਾ ਬਣਾ ਸਕੇ ਅਤੇ ਉਸਦੀ ਪ੍ਰਾਪਤੀ ਲਈ ਸੰਘਰਸ਼ ਕਰ ਸਕੇ।