ਸਰਕਾਰ ਨਾਲ ਮਗਨਰੇਗਾ ਮੁਲਾਜ਼ਮਾਂ ਦੀ ਮੀਟਿੰਗ ਬੇਸਿੱਟਾ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਅਤੇ ਡਾਇਰੈਕਟਰ ਪੰਚਾਇਤ ਵਿਭਾਗ ਨਾਲ ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਬੇਸਿੱਟਾ ਰਹੀ। ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਮੰਗਾਂ ’ਤੇ ਸਹਿਮਤੀ ਨਹੀਂ ਬਣੀ। ਪੰਚਾਇਤ ਮੰਤਰੀ ਅਤੇ ਉੱਚ ਅਧਿਕਾਰੀਆਂ ਨੇ ਵਫ਼ਦ ਦੀ ਵਿਭਾਗ ਵਿੱਚ ਮਰਜ (ਸ਼ਾਮਲ)...
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਅਤੇ ਡਾਇਰੈਕਟਰ ਪੰਚਾਇਤ ਵਿਭਾਗ ਨਾਲ ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਬੇਸਿੱਟਾ ਰਹੀ। ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਮੰਗਾਂ ’ਤੇ ਸਹਿਮਤੀ ਨਹੀਂ ਬਣੀ। ਪੰਚਾਇਤ ਮੰਤਰੀ ਅਤੇ ਉੱਚ ਅਧਿਕਾਰੀਆਂ ਨੇ ਵਫ਼ਦ ਦੀ ਵਿਭਾਗ ਵਿੱਚ ਮਰਜ (ਸ਼ਾਮਲ) ਕਰਨ ਦੀ ਮੰਗ ਨੂੰ ਸਿਰੇ ਤੋਂ ਨਕਾਰ ਦਿੱਤਾ। ਸੂਬਾ ਐਕਸ਼ਨ ਕਮੇਟੀ ਨੇ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ 10 ਤਰੀਕ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਣ ਅਤੇ 15 ਤਰੀਕ ਨੂੰ ਪੰਚਾਇਤ ਮੰਤਰੀ ਦੇ ਹਲਕੇ ਖੰਨਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ ਕੀਤਾ ਹੈ। ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੇਵਕ ਸਿੰਘ, ਸਰਪ੍ਰਸਤ ਵਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ ਨੇ ਦੱਸਿਆ ਕਿ ‘ਜੀ ਰਾਮ ਜੀ’ ਕਾਨੂੰਨ ਲਾਗੂ ਹੋਣ ਨਾਲ ਪੰਜਾਬ ਵਿੱਚ ਬੀ ਡੀ ਪੀ ਓ ਦਫ਼ਤਰਾਂ ਵਿੱਚ ਕੰਮ ਕਰਦੇ ਕਰੀਬ 2100 ਮਗਨਰੇਗਾ ਮੁਲਾਜ਼ਮਾਂ ਦੇ ਭਵਿੱਖ ’ਤੇ ਤਲਵਾਰ ਲਟਕ ਗਈ ਹੈ। ਮੁਲਾਜ਼ਮ 8 ਮਹੀਨਿਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਅਤੇ ਆਪਣੀਆਂ ਸੇਵਾਵਾਂ ਪੰਚਾਇਤ ਵਿਭਾਗ ਵਿੱਚ ਮਰਜ ਕਰਵਾ ਕੇ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਜਨਤਕ ਦਬਾਅ ਕਾਰਨ ਅੱਜ ਪੀ ਐੱਸ ਪੀ ਸੀ ਐੱਲ ਰੈਸਟ ਹਾਊਸ ਚੰਡੀਗੜ੍ਹ ’ਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਵਫ਼ਦ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਡਾਇਰੈਕਟਰ ਪੰਚਾਇਤ ਵਿਭਾਗ, ਵਿੱਤ ਸਕੱਤਰ, ਸੰਯੁਕਤ ਵਿਕਾਸ ਕਮਿਸ਼ਨਰ ਆਦਿ ਅਧਿਕਾਰੀ ਸ਼ਾਮਲ ਸਨ।
