ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਕੋੋਠੀ ਤੱਕ ਰੋਸ ਮਾਰਚ
ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸੂਬਾ ਭਰ ਤੋਂ ਪੁੱਜੀਆਂ ਵਰਕਰਾਂ ਨੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਦਿਆਂ ਮੁਜ਼ਾਹਰਾ ਕੀਤਾ। ਇਸ ਤੋਂ ਪਹਿਲਾਂ ਰੋਸ ਰੈਲੀ ਕਰਦਿਆਂ ਸੇਵਾਵਾਂ ਰੈਗੂਲਰ ਕਰਨ ਅਤੇ ਘੱਟੋ-ਘੱਟ ਉਜਰਤ ਲਾਗੂ ਕਰ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਹਨਤਾਨਾ ਦੇਣ ਦੀ ਮੰਗ ਕੀਤੀ ਗਈ। ਇਸ ਸਬੰਧੀ ਯੂਨੀਅਨ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ 23 ਅਗਸਤ ਨੂੰ ਤੈਅ ਹੋਈ ਹੈ, ਜਿਸ ਮਗਰੋਂ ਧਰਨਾ ਚੁੱਕਿਆ ਗਿਆ।
ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਮਿੱਡ-ਡੇਅ-ਮੀਲ ਵਰਕਰਾਂ ਪਟਿਆਲਾ ਬਾਈਪਾਸ ਓਵਰਬ੍ਰਿਜ ਹੇਠਾਂ ਇਕੱਤਰ ਹੋਈਆਂ, ਜਿੱਥੇ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਗਿਆ ਪਰ ਪੁਲੀਸ ਨੇ ਧਰਨਾਕਾਰੀਆਂ ਨੂੰ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਰੋਕ ਲਿਆ। ਵਰਕਰਾਂ ਵੱਲੋਂ ਇੱਥੇ ਰੋਸ ਧਰਨਾ ਦਿੰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਕਮਲਜੀਤ ਕੌਰ, ਪ੍ਰਵੀਨ ਬਾਲਾ ਸ੍ਰੀ ਫ਼ਤਹਿਗੜ੍ਹ ਸਾਹਿਬ, ਇਕਬਾਲ ਕੌਰ ਪਟਿਆਲਾ ਅਤੇ ਹੋਰਨਾਂ ਨੇ ਸੰਬੋਧਨ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮਿੱਡ-ਡੇਅ ਮੀਲ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਨੀਅਨ ਦੀ 23 ਅਗਸਤ ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਤੈਅ ਕਰਵਾਈ ਗਈ ਜਿਸ ਮਗਰੋਂ ਧਰਨਾ ਸਮਾਪਤ ਹੋਇਆ।