ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 25 ਅਪਰੈਲ
ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐੱਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਨਾਮਜ਼ਦ ਤਿੰਨ ਗੈਂਗਸਟਰਾਂ (ਸ਼ੂਟਰ) ਸੱਜਣ ਸਿੰਘ ਉਰਫ਼ ਭੋਲੂ ਵਾਸੀ ਬੀਸ਼ਾਨ (ਹਰਿਆਣਾ) ਅਨਿਲ ਲੱਠ ਵਾਸੀ ਕਕਰੋਲਾ (ਦਿੱਲੀ) ਤੇ ਅਜੈ ਸੰਨੀ ਵਾਸੀ ਉਮਾਰੀ (ਕੁਰੂਕਸ਼ੇਤਰ) ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦਸ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਲਜ਼ਮਾਂ ਨੂੰ ਹੁਣ 5 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪਿਛਲੇ ਸਾਲ 7 ਅਗਸਤ ਨੂੰ ਇੱਥੋਂ ਦੇ ਸੈਕਟਰ-71 ਦੀ ਮਾਰਕੀਟ ਵਿੱਚ ਦਿਨ-ਦਿਹਾੜੇ ਨਕਾਬਪੋਸ਼ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਯੂਥ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਸੱਜਣ ਸਿੰਘ, ਅਨਿਲ ਲੱਠ ਅਤੇ ਅਜੈ ਸੰਨੀ ਨੂੰ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਨੇ ਮਿੱਡੂਖੇੜਾ ਦਾ ਕਤਲ ਕਰਨ ਦੀ ਗੱਲ ਵੀ ਕਬੂਲੀ ਸੀ। ਮੁਹਾਲੀ ਪੁਲੀਸ ਨੇ ਅਦਾਲਤ ’ਚੋਂ ਪ੍ਰੋਡਕਸ਼ਨ ਵਾਰੰਟ ਲੈ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਪਾਈ ਤੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਮ੍ਰਿਤਕ ਦੇ ਭਰਾ ਨੇ ਪਰਿਵਾਰ ਦੀ ਜਾਨ ਨੂੰ ਖਤਰਾ ਦੱਸਿਆ
ਵਿੱਕੀ ਮਿੱਡੂਖੇੜਾ ਦੇ ਵੱਡੇ ਭਰਾ ਅਜੈਪਾਲ ਸਿੰਘ ਮਿੱਡੂਖੇੜਾ ਨੇ ਐੱਸਐੱਸਪੀ ਨੂੰ ਪੱਤਰ ਲਿਖ ਕੇ ਆਪਣੀ ਤੇ ਆਪਣੀ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਕਿਹਾ ਕਿ ਵਿੱਕੀ ਦੇ ਕਤਲ ਲਈ ਜ਼ਿੰਮੇਵਾਰ ਵਿਅਕਤੀ ਉਨ੍ਹਾਂ ਨੂੰ ਵੀ ਨਿਸ਼ਾਨਾ ਬਣਾ ਸਕਦੇ ਹਨ। ਅਜੈਪਾਲ ਨੇ ਪੰਜਾਬ ਦੇ ਇੱਕ ਨਾਮੀ ਗਾਇਕ ਤੇ ਸਿਆਸੀ ਆਗੂ ਦੇ ਮੈਨੇਜਰ ਵਿਰੁੱਧ ਵੀ ਕਾਰਵਾਈ ਮੰਗੀ ਹੈ। ਉਸ ਨੇ ਕਿਹਾ ਕਿ ਗਾਇਕ ਦਾ ਮੈਨੇਜਰ ਸ਼ੂਟਰਾਂ ਨਾਲ ਜੁੜਿਆ ਹੈ।