ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 21 ਮਈ
ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਨੇ ਦੁੱਧ ਦਾ ਭਾਅ ਵਧਾਉਣ ਸਮੇਤ ਦੁੱਧ ਉਤਪਾਦਕਾਂ (ਕਿਸਾਨਾਂ) ਦੀਆਂ ਹੋਰ ਮੰਗਾਂ ਮੰਨਵਾਉਣ ਲਈ ਅੱਜ ਇੱਥੋਂ ਦੇ ਫੇਜ਼-6 ਸਥਿਤ ਵੇਰਕਾ ਮਿਲਕ ਪਲਾਂਟ ਦਾ ਘਿਰਾਓ ਕਰ ਕੇ ਮੁਹਾਲੀ-ਚੰਡੀਗੜ੍ਹ ਮੁੱਖ ਸੜਕ ’ਤੇ ਆਵਾਜਾਈ ਰੋਕ ਕੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਡੇਅਰੀ ਫਾਰਮਿੰਗ ਅਤੇ ਦੁੱਧ ਦਾ ਧੰਦਾ ਕਰਨ ਵਾਲੇ ਕਿਸਾਨ ਸਵੇਰੇ 11 ਵਜੇ ਹੀ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ। ਬਾਅਦ ਦੁਪਹਿਰ ਦੋ ਵਜੇ ਤੱਕ ਉੱਥੇ ਧਰਨਾਕਾਰੀਆਂ ਦੀ ਵੱਡੀ ਭੀੜ ਇਕੱਠੀ ਹੋ ਗਈ। ਆਵਾਜਾਈ ਰੋਕਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਡੇਅਰੀ ਇੰਡਸਟਰੀ ਅਤੇ ਫੀਡ ਇੰਡਸਟਰੀ ਦੇ ਨੁਮਾਇੰਦਿਆਂ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕਰ ਕੇ ਸੰਘਰਸ਼ ਨੂੰ ਹਮਾਇਤ ਦਿੱਤੀ। ਇਸ ਦੌਰਾਨ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖ਼ੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਮਿਲਕਫੈੱਡ ਨੇ ਅੱਜ ਤੋਂ ਹੀ ਦੁੱਧ ਦੇ ਖ਼ਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਵਾਧੇ ਦਾ ਐਲਾਨ ਕੀਤਾ ਹੈ ਪਰ ਸਰਕਾਰ ਦੇ ਇਸ ਫ਼ੈਸਲੇ ਨੂੰ ਮੁੱਢੋਂ ਰੱਦ ਕਰਦਿਆਂ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਉਨ੍ਹਾਂ ਧਰਨਾਕਾਰੀਆਂ ਦੀ ਮੁੱਖ ਮੰਤਰੀ ਜਾਂ ਸਹਿਕਾਰਤਾ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਖੇਤੀਬਾੜੀ ਤੋਂ ਬਾਅਦ ਡੇਅਰੀ ਫਾਰਮਿੰਗ ਪੰਜਾਬ ਦੇ ਕਿਸਾਨਾਂ ਲਈ ਰੋਜ਼ੀ-ਰੋਟੀ ਦਾ ਦੂਜਾ ਸਭ ਤੋਂ ਵੱਡਾ ਸਾਧਨ ਹੈ। ਸਰਕਾਰਾਂ ਦੀ ਅਣਦੇਖੀ ਕਾਰਨ ਅੱਜ ਡੇਅਰੀ ਧੰਦੇ ਨਾਲ ਜੁੜਿਆ ਕਿਸਾਨ ਆਰਥਿਕ ਸੰਕਟ ’ਚੋਂ ਗੁਜ਼ਰ ਰਿਹਾ ਹੈ। ਫੀਡ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਨੇ ਦੁੱਧ ਦੀ ਕੀਮਤ ਘੱਟੋ-ਘੱਟ 7 ਤੋਂ 8 ਰੁਪਏ ਪ੍ਰਤੀ ਕਿਲੋ ਵਧਾਉਣ ਅਤੇ ਫੀਡ ’ਤੇ ਸਬਸਿਡੀ ਦੇਣ ਦੀ ਮੰਗ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗਾਂ ਨਹੀਂ ਮੰਨਦੀ, ਉਹ ਧਰਨੇ ’ਤੇ ਡਟੇ ਰਹਿਣਗੇ।
ਮਿਲਕਫੈੱਡ ਵੱਲੋਂ ਦੁੱਧ ਦੇ ਖਰੀਦ ਭਾਅ ’ਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮਿਲਕਫੈੱਡ ਨੇ ਅੱਜ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲਾ ਵਾਧਾ ਕੀਤਾ ਹੈ। ਦੁੱਧ ਦੀਆਂ ਇਹ ਨਵੀਆ ਦਰਾਂ ਅੱਜ ਤੋਂ ਲਾਗੂ ਹੋਣਗੀਆਂ। ਮਿਲਕਫੈੱਡ ਦੇ ਇਸ ਫ਼ੈਸਲੇ ਨਾਲ ਗਾਂ ਦੇ ਦੁੱਧ ’ਤੇ ਤਕਰੀਬਨ ਇਕ ਰੁਪਏ ਪ੍ਰਤੀ ਕਿਲੋ ਅਤੇ ਮੱਝ ਦੇ ਦੁੱਧ ’ਤੇ 1.40 ਰੁਪਏ ਪ੍ਰਤੀ ਕਿਲੋ ਕੀਮਤ ਦਾ ਵਾਧਾ ਹੋਵੇਗਾ। ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ’ਚ ਵਾਧੇ ਦੇ ਨਾਲ-ਨਾਲ ਪਸ਼ੂ ਖੁਰਾਕ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਦੁੱਧ ਉਤਪਾਦਕਾਂ ਦਾ ਮੁਨਾਫਾ ਘੱਟ ਰਿਹਾ ਸੀ, ਜਿਸ ਕਰਕੇ ਮਿਲਕਫੈੱਡ ਨੇ ਆਪਣੇ ਨਾਲ ਜੁੜੇ 2.5 ਲੱਖ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਦੀ ਬਿਹਤਰੀ ਲਈ ਦੁੱਧ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ।