ਚੰਡੀਗੜ੍ਹ (ਚਰਨਜੀਤ ਭੁੱਲਰ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਪੰਜ ਵਜ਼ੀਰਾਂ ਅਤੇ ਵਿਧਾਇਕਾਂ ਨੇ ਅੱਜ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਦੋ ਸਲਾਹਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ ਜਿਨ੍ਹਾਂ ਵੱਲੋਂ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀਆਂ ਕੀਤੀਆਂ ਗਈਆਂ ਸਨ। ਇਨ੍ਹਾਂ ਵਜ਼ੀਰਾਂ ਤੇ ਵਿਧਾਇਕਾਂ ਨੇ ਅੱਜ ਮਾਲਵਿੰਦਰ ਮਾਲੀ ਅਤੇ ਪਿਆਰੇ ਲਾਲ ਗਰਗ ਵਿਰੁੱਧ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮਾਲਵਿੰਦਰ ਮਾਲੀ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਫੇਸਬੁੱਕ ’ਤੇ ਪਾਕਿਸਤਾਨੀ ਮਹਿਲਾ ਦੀਆਂ ਤਸਵੀਰਾਂ ਸਾਂਝੀਆਂ ਕਰ ਦਿੱਤੀਆਂ ਹਨ। ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੈਇੰਦਰ ਸਿੰਗਲਾ, ਭਾਰਤ ਭੂਸ਼ਨ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਇਨ੍ਹਾਂ ਦੋਵਾਂ ਨਵ-ਨਿਯੁਕਤ ਸਲਾਹਕਾਰਾਂ ਦੇ ਬਿਆਨ ਸਪੱਸ਼ਟ ਤੌਰ ’ਤੇ ਭਾਰਤ ਦੇ ਹਿਤਾਂ ਦੇ ਵਿਰੁੱਧ ਅਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਨਾਕ ਹਨ। ਉਨ੍ਹਾਂ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਕਿ ਪਾਰਟੀ ਅਤੇ ਦੇਸ਼ ਦੇ ਹਿੱਤ ਲਈ ਸਿੱਧੂ ਨੂੰ ਤੁਰੰਤ ਆਪਣੇ ਸਹਿਯੋਗੀਆਂ ’ਤੇ ਲਗਾਮ ਲਗਾਉਣ ਦੇ ਨਿਰਦੇਸ਼ ਦਿੱਤੇ ਜਾਣ। ਮੰਤਰੀਆਂ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਕਿਸੇ ਨੂੰ ਵੀ ਇਨ੍ਹਾਂ ਕੁਰਬਾਨੀਆਂ ਨੂੰ ਦਾਅ ’ਤੇ ਲਾਉਣ ਅਤੇ ਸਾਡੇ ਦੇਸ਼ ਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਅਜਿਹੇ ਬਿਆਨ ਖ਼ਾਸ ਤੌਰ ’ਤੇ ਸਰਹੱਦੀ ਰਾਜ ਪੰਜਾਬ ਲਈ ਗੰਭੀਰ ਸਾਬਤ ਹੋ ਸਕਦੇ ਹਨ। ਵਜ਼ੀਰਾਂ ਨੇ ਸਿੱਧੂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਹਾਲਾਂਕਿ ਇਸ ਖ਼ਿਲਾਫ਼ ਪਾਰਟੀ ਪੱਧਰ ’ਤੇ ਵੀ ਆਵਾਜ਼ ਉੱਠੀ ਹੈ, ਪਰ ਇਸ ਮਾਮਲੇ ’ਤੇ ਸਿੱਧੂ ਦੀ ਚੁੱਪ ਨੇ ਵਿਰੋਧੀ ਪਾਰਟੀਆਂ ਨੂੰ ਬੋਲਣ ਦਾ ਮੌਕਾ ਦਿੱਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਘਟਨਾਕ੍ਰਮ ਕਾਂਗਰਸ ਪਾਰਟੀ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ, ਜਿਨ੍ਹਾਂ ਵਿੱਚ ਛੇ ਮਹੀਨਿਆਂ ਤੋਂ ਵੀ ਘੱਟ ਸਮਾਂ ਹੈ , ਨੁਕਸਾਨ ਪਹੁੰਚਾ ਸਕਦਾ ਹੈ। ਪੰਜਾਬ ਕਾਂਗਰਸ ਦੇ ਆਗੂਆਂ ਨੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਵਿਵਾਦਤ ਅਤੇ ਬੇਹੱਦ ਇਤਰਾਜ਼ਯੋਗ ਸਕੈੱਚ ਨੂੰ ਪੋਸਟ ਕਰਨ ਲਈ ਮਾਲੀ ਦੀ ਨਿੰਦਾ ਕਰਦਿਆਂ ਇਸ ਨੂੰ ਕਾਂਗਰਸ ਪਾਰਟੀ ਵਿਰੋਧੀ ਇੱਕ ਹੋਰ ਕਦਮ ਕਰਾਰ ਦਿੱਤਾ।