ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ਏ ਐੱਸ ਆਈ ਮੰਗਤ ਰਾਮ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਦੋ ਪੀ ਸੀ ਆਰ ਦੇ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਕਦਮ ਘਟਨਾ ਦੀ ਗੰਭੀਰਤਾ ਅਤੇ ਜਾਂਚ ਪ੍ਰਕਿਰਿਆ ਦੌਰਾਨ ਸਾਹਮਣੇ ਆਈ ਲਾਪ੍ਰਵਾਹੀ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਚੁੱਕਿਆ ਗਿਆ। ਪੁਲੀਸ ਕਮਿਸ਼ਨਰ ਨੇ ਸਪਸ਼ਟ ਕਿਹਾ ਹੈ ਕਿ ਅਪਰਾਧਾਂ ਦੇ ਮਾਮਲਿਆਂ ਵਿੱਚ ਕੋਈ ਵੀ ਲਾਪ੍ਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਏ ਐੱਸ ਆਈ ਮੰਗਤ ਰਾਮ ਵੱਲੋਂ ਮੌਕੇ ’ਤੇ ਬਣਦੀ ਪੁਲੀਸ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਸੀ ਸੀ ਟੀ ਵੀ ਫੁਟੇਜ ਨੂੰ ਧਿਆਨ ਨਾਲ ਦੇਖਿਆ ਗਿਆ।
ਜਥੇਦਾਰ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਦਿਨੀਂ ਜਲੰਧਰ ਵਿੱਚ ਕਤਲ ਕੀਤੀ 13 ਸਾਲਾ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਿਵਾਰ ਵੱਲੋਂ ਆਪਣੇ ਗ੍ਰਹਿ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਬੱਚੀ ਦੀ ਆਤਮਿਕ ਸ਼ਾਂਤੀ ਲਈ ਖੁਦ ਅਰਦਾਸ ਕੀਤੀ ਅਤੇ ਹਾਜ਼ਰ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ। ਇਸ ਦੌਰਾਨ ਉਨ੍ਹਾਂ ਪਰਿਵਾਰ ਪਾਸੋਂ ਸਮੁੱਚੀ ਘਟਨਾ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਮੁੱਚੀ ਸਿੱਖ ਕੌਮ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹਨ। ਬੱਚੀ ਨੂੰ ਦਰਿੰਦਗੀ ਦੇ ਨਾਲ ਕਤਲ ਕੀਤਾ ਗਿਆ। ਦੋਸ਼ੀ ਨੂੰ ਕਾਨੂੰਨ ਮੁਤਾਬਕ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।

