ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੁਲਾਈ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਿਹਤ ਮੰਤਰਾਲੇ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨਸ਼ਾ ਛੁਡਾਉਣ ਵਾਲੀਆਂ ਗ਼ਾਇਬ ਹੋਈਆਂ 5 ਕਰੋੜ ਬੁਪਰੇਨੌਰਫਿਨ ਦੀਆਂ ਗੋਲੀਆਂ ਦਾ ਅਤਾ-ਪਤਾ ਨਾ ਦੇਣ ਪਿੱਛੇ ਸਰਕਾਰੀ ਸਰਪ੍ਰਸਤੀ ਵਾਲੇ ਡਰੱਗ ਮਾਫ਼ੀਆ ਦਾ ਹੱਥ ਦੱਸਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ 5 ਕਰੋੜ ਨਸ਼ਾ ਛੁਡਾਊ ਗੋਲੀਆਂ ਗ਼ਾਇਬ ਹੋਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਆਨਾ-ਕਾਨੀ ਰਵੱਈਆ ਵੱਡੇ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਹਾਈਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਮਾਮਲੇ ਸਬੰਧੀ ਈਡੀ ਦੀ ਸੁਸਤ ਚਾਲ ਜਾਂਚ ’ਤੇ ਵੀ ਸਵਾਲ ਉਠਾਉਂਦਿਆਂ ਊਨ੍ਹਾਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵਾਂਗ ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਵੀ ਆਪਣੀ ਭਰੋਸੇਯੋਗਤਾ ਗੁਆ ਬੈਠੀਆਂ ਹਨ। ਉਨ੍ਹਾਂ ਕਿਹਾ ਕਿ 2022 ਵਿੱਚ ਜੇਕਰ ਪੰਜਾਬੀ ‘ਆਪ’ ਨੂੰ ਮੌਕਾ ਦਿੰਦੇ ਹਨ ਤਾਂ ਪੁਲੀਸ ਅਤੇ ਜਾਂਚ ਏਜੰਸੀਆਂ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਕੀਤਾ ਜਾਵੇਗਾ।