ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 11 ਅਪਰੈਲ
ਪੀਟੀਸੀ ਟੀਵੀ ਚੈਨਲ ਵੱਲੋਂ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਤੇ ਜਿਨਸੀ ਸੋਸ਼ਣ ਕਰਨ ਦੇ ਦੋਸ਼ਾਂ ਹੇਠ ਮੁਹਾਲੀ ਪੁਲੀਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁੜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।
ਇਸ ਮਾਮਲੇ ਵਿੱਚ ਨਾਮਜ਼ਦ ਨੈਨਸੀ ਘੁੰਮਣ ਤੇ ਉਸ ਦੇ ਪਤੀ ਭੁਪਿੰਦਰ ਸਿੰਘ, ਮਿਸ ਪੰਜਾਬਣ ਮੁਕਾਬਲਾ 2022-23 ਦੀ ਸਹਾਇਕ ਡਾਇਰੈਕਟਰ ਨਿਹਾਰਿਕਾ ਜੈਨ, ਹੋਟਲ ਦੇ ਮੈਨੇਜਿੰਗ ਡਾਇਰੈਕਟਰ ਲਕਸ਼ਮਣ ਅਤੇ ਦੋ ਦਰਜਨ ਤੋਂ ਵੱਧ ਹੋਰ ਅਣਪਛਾਤੇ ਮੁਲਜ਼ਮ ਅਜੇ ਤੱਕ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ। ਇਨ੍ਹਾਂ ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇਣ ਲਈ ਮੁਹਾਲੀ ਪੁਲੀਸ ਨੇ ਅਦਾਲਤ ਵਿੱਚ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ ਮੁੱਢੋਂ ਖਾਰਜ ਕਰ ਦਿੱਤਾ। ਜਾਣਕਾਰੀ ਅਨੁਸਾਰ ਇਸ ਬਹੁ-ਚਰਚਿਤ ਮਾਮਲੇ ਦੀ ਜਾਂਚ ਦੌਰਾਨ ਪੀੜਤ ਲੜਕੀ ਦਾ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕੀਤਾ ਗਿਆ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀ ਮੁਟਿਆਰ ਦੇ ਪਿਤਾ ਨੇ ਉਸ ਦੀ ਧੀ ਉੱਤੇ ਕਥਿਤ ਗੈਰ ਕਾਨੂੰਨੀ ਕੰਮ ਕਰਨ ਲਈ ਦਬਾਅ ਪਾਉਣ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਸਮੇਤ ਉਸ ਦੀ ਲੜਕੀ ਦੀ ਰਿਹਾਈ ਲਈ 50 ਲੱਖ ਰੁਪਏ ਮੰਗਣ ਦਾ ਕਥਿਤ ਦੋਸ਼ ਲਾਇਆ ਸੀ।