ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 12 ਅਪਰੈਲ
ਪੀਟੀਸੀ ਟੀਵੀ ਚੈਨਲ ਵੱਲੋਂ ‘ਮਿਸ ਪੰਜਾਬਣ’ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਅਤੇ ਜਿਨਸੀ ਸ਼ੋਸ਼ਣ ਕੀਤੇ ਜਾਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਅੱਜ ਉਸ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ। ਬੀਤੇ ਦਿਨੀਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜਿਆ ਗਿਆ ਹੈ।
ਇਸੇ ਤਰ੍ਹਾਂ ਇਸ ਮਾਮਲੇ ਵਿੱਚ ਨਾਮਜ਼ਦ ਮੁੱਖ ਮੁਲਜ਼ਮ ਨੈਨਸੀ ਘੁੰਮਣ ਦੇ ਪਤੀ ਭੁਪਿੰਦਰ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ ਜਦੋਂਕਿ ਨੈਨਸੀ ਘੁੰਮਣ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਰੱਦ ਕੀਤੀ ਜਾ ਚੁੱਕੀ ਹੈ। ਉਂਜ ਇਸ ਮਾਮਲੇ ਵਿੱਚ ਨਾਮਜ਼ਦ ਨੈਨਸੀ ਘੁੰਮਣ ਅਤੇ ਉਸ ਦੇ ਪਤੀ ਭੁਪਿੰਦਰ ਸਿੰਘ ਸਮੇਤ ਮਿਸ ਪੰਜਾਬਣ ਮੁਕਾਬਲਾ 2022-23 ਦੀ ਸਹਾਇਕ ਡਾਇਰੈਕਟਰ ਨਿਹਾਰਿਕਾ ਜੈਨ, ਹੋਟਲ ਦੇ ਮੈਨੇਜਿੰਗ ਡਾਇਰੈਕਟਰ ਲਕਸ਼ਮਣ ਸਮੇਤ ਹੋਰਨਾਂ ਮੁਲਜ਼ਮਾਂ ਨੂੰ ਭਗੌੜਾ ਕਰਾਰ ਦੇਣ ਲਈ ਮੁਹਾਲੀ ਪੁਲੀਸ ਵੱਲੋਂ ਅਦਾਲਤ ਵਿੱਚ ਦਾਇਰ ਵੱਖ-ਵੱਖ ਅਰਜ਼ੀਆਂ ਨੂੰ ਖਾਰਜ ਕੀਤਾ ਜਾ ਚੁੱਕਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਪੀੜਤ ਲੜਕੀ ਦਾ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕਰਨ ਤੋਂ ਬਾਅਦ ਫਰਾਰ ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ।
ਪੀਟੀਸੀ ਨੈੱਟਵਰਕ ਟੀਮ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜਿਆ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਪੀਟੀਸੀ ਨੈੱਟਵਰਕ ਦੇ ਅਧਿਕਾਰੀਆਂ ਨੇ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਇੱਕ ਪੱਤਰ ਭੇਜ ਕੇ ਪੀਟੀਸੀ ਨੈਟਵਰਕ ’ਤੇ ਲੱਗੇ ਦੋਸ਼ਾਂ ਦੇ ਮਾਮਲੇ ਦੀ ਆਪਣੇ ਪੱਧਰ ’ਤੇ ਜਾਂਚ ਕਰਾਉਣ ਦੀ ਅਪੀਲ ਕੀਤੀ ਹੈ। ਇਹ ਪੱਤਰ ਇੱਥੇ ਅਕਾਲ ਤਖਤ ਦੇ ਸਕੱਤਰੇਤ ਪੁੱਜਾ ਹੈ, ਜਿਸ ਦੀ ਸਬੰਧਤ ਅਧਿਕਾਰੀਆਂ ਵੱਲੋਂ ਪੁਸ਼ਟੀ ਕੀਤੀ ਗਈ ਹੈ। ਪੱਤਰ ਵਿਚ ਉਨ੍ਹਾਂ ਜਥੇਦਾਰ ਨੂੰ ਪੀਟੀਸੀ ਨੈਟਵਰਕ ਟੀਮ ਦੀਆਂ ਸੇਵਾਵਾਂ ਧਿਆਨ ਵਿੱਚ ਰੱਖਦਿਆਂ ਇਸ ਘਟਨਾਕ੍ਰਮ ਦੀ ਜਾਂਚ ਆਪਣੇ ਪੱਧਰ ’ਤੇ ਕਰਵਾਉਣ ਦੀ ਅਪੀਲ ਕੀਤੀ ਹੈ। ਨੈਟਵਰਕ ਟੀਮ ਨੇ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਨ ਉਨ੍ਹਾਂ ਲਈ ਸਿਰਫ ਇਕ ਨੌਕਰੀ ਨਹੀਂ ਸਗੋਂ ਇਕ ਸੇਵਾ, ਮਿਸ਼ਨ ਤੇ ਜ਼ਿੰਦਗੀ ਵੀ ਹੈ ਜਿਸ ਨੂੰ ਉਹ ਜਾਰੀ ਰੱਖਣਗੇ।