ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਗਸਤ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਇਨਸਾਫ਼ ਲਈ ਸਿੱਖ ਸਦਭਾਵਨਾ ਦਲ ਦੀ ਅਗਵਾਈ ਹੇਠ ਸਿੱਖ ਸੰਗਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿਥੇ ਸਮੇਂ ਲਈ ਲਗਾਇਆ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਵਿੱਚ ਭਾਜਪਾ ਆਗੂਆਂ ਨੇ ਸ਼ਿਰਕਤ ਕਰਦਿਆਂ ਸਿੱਖ ਸਦਭਾਵਨਾ ਦਲ ਦੇ ਮੁੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨਾਲ ਗੱਲਬਾਤ ਕੀਤੀ। ਭਾਜਪਾ ਨੁਮਾਇੰਦਿਆਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ’ਤੇ ਸਮੁੱਚੀ ਮਾਨਵਤਾ ਸ਼ਰਧਾ ਰੱਖਦੀ ਹੈ, ਜਿਸ ਨੂੰ ਸੁਪਰੀਮ ਕੋਰਟ ਨੇ ਵੀ ਗੁਰੂ ਮੰਨਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਇਸ ਲਈ ਸੰਗਤ ਦੇ ਦਰਦ ਨੂੰ ਸਮਝਦਿਆਂ ਉਹ ਇਨਸਾਫ਼ ਖਾਤਰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ। ਭਾਜਪਾ ਪੰਜਾਬ ਦੀ ਵਰਕਿੰਗ ਕਮੇਟੀ ਦੇ ਮੈਂਬਰ ਲਲਿਤ ਕੁਮਾਰ ਗਰਗ ਅਤੇ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਮਨਿੰਦਰ ਸਿੰਘ ਨੇ ਭਾਈ ਬਲਦੇਵ ਸਿੰਘ ਵਡਾਲਾ ਦੀ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨਾਲ ਫੋਨ ’ਤੇ ਗੱਲ ਵੀ ਕਰਵਾਈ। ਚੀਮਾ ਨੇ ਭਰੋਸਾ ਦਿੱਤਾ ਕਿ ਪੰਜਾਬ ਭਾਜਪਾ ਵੱਲੋਂ 24 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਦੌਰਾਨ ਉਨ੍ਹਾਂ ਅੱਗੇ ਲਾਪਤਾ ਸਰੂਪਾਂ ਦਾ ਮਾਮਲਾ ਰੱਖਿਆ ਜਾਵੇਗਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਮੰਗ ਪੱਤਰ ਪਹੁੰਚਾਇਆ ਜਾਵੇਗਾ। ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਸੂਬਾ ਸਰਕਾਰ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਮਿਲਣ ’ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ।