ਅੰਮ੍ਰਿਤਸਰ: ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ 2020 ਵਿੱਚ ਬਰਖ਼ਾਸਤ ਕੀਤੇ ਗਏ ਤਿੰਨ ਕਰਮਚਾਰੀਆਂ ਵੱਲੋਂ ਆਪਣੇ ਪ੍ਰਾਵੀਡੈਂਟ ਫੰਡ ਦੀ ਰਕਮ ਲੈਣ ਲਈ ਐਂਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ (ਈਪੀਐੱਫਓ) ਕੋਲ ਪਹੁੰਚ ਕਰਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਈਪੀਐੱਫਓ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਮਲਾ ਵਿਚਾਰਿਆ ਜਾ ਰਿਹਾ ਹੈ ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਬਰਖ਼ਾਸਤ ਕੀਤੇ ਮੁਲਾਜ਼ਮਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰੈੱਸ ਅਤੇ ਪਬਲੀਕੇਸ਼ਨ ਵਿਭਾਗ ਦਾ ਸਹਾਇਕ ਸਕੱਤਰ ਗੁਰਬਚਨ ਸਿੰਘ, ਕਲਰਕ ਬਾਜ ਸਿੰਘ ਤੇ ਸੁਪਰਵਾਈਜ਼ਰ ਗੁਰਮੁੱਖ ਸਿੰਘ ਸ਼ਾਮਲ ਹਨ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਮਾਮਲੇ ਸਬੰਧੀ ਤਿਆਰ ਕੀਤੀ ਗਈ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਕਰਮਚਾਰੀ ਮੁਅੱਤਲ ਕੀਤੇ ਗਏ ਸਨ ਤੇ ਕਈਆਂ ਨੂੰ ਬਰਖ਼ਾਸਤ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਕੁਝ ਨੇ ਸ਼੍ਰੋਮਣੀ ਕਮੇਟੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਵੀ ਦਿੱਤੀ। ਇਸ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਨੂੰ ਬਹਾਲ ਕਰਨ ਮਗਰੋਂ ਮੁੜ ਮੁਅੱਤਲ ਕਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸੇਵਾਵਾਂ ਦੇ ਬਕਾਏ ਆਦਿ ਮਾਮਲੇ ਨੂੰ ਵਿਚਾਰਨ ਲਈ ਇੱਕ ਸਬ-ਕਮੇਟੀ ਬਣਾਈ ਹੋਈ ਹੈ, ਜਿਸ ਵੱਲੋਂ ਇਹ ਮਾਮਲਾ ਵਿਚਾਰਿਆ ਜਾ ਰਿਹਾ ਹੈ। -ਟਨਸ