ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਪਤਾ ਪਾਵਨ ਸਰੂਪ: ਭਲਕੇ ਅਕਾਲ ਤਖ਼ਤ ’ਤੇ ਭੇਜਿਆ ਜਾਵੇਗਾ ਮਾਮਲਾ

ਨਾਮਜ਼ਦ ਵਿਅਕਤੀ ਅਗਾਊਂ ਜ਼ਮਾਨਤ ਲਈ ਯਤਨਸ਼ੀਲ
Advertisement

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੁਲੀਸ ਕੇਸ ਦਰਜ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ਨੂੰ ਅਗਲੇਰੀ ਕਾਰਵਾਈ ਲਈ ਸੋਮਵਾਰ ਨੂੰ ਅਕਾਲ ਤਖ਼ਤ ’ਤੇ ਭੇਜਣ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ ਇਸ ਕੇਸ ਵਿੱਚ ਨਾਮਜ਼ਦ ਵਿਅਕਤੀਆਂ ਨੇ ਵੀ ਆਪਣੇ ਬਚਾਅ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਇਸ ਕੇਸ ਵਿੱਚ ਨਾਮਜ਼ਦ ਸ਼੍ਰੋਮਣੀ ਕਮੇਟੀ ਦੇ ਕੁਝ ਸਾਬਕਾ ਮੁਲਾਜ਼ਮਾਂ ਅਤੇ ਹੋਰਨਾਂ ਨੇ ਜ਼ਮਾਨਤ ਲਈ ਅਦਾਲਤ ਦਾ ਰੁਖ਼ ਕੀਤਾ ਹੈ। ਇਨ੍ਹਾਂ ਵਿੱਚੋਂ ਕੁਝ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 18 ਦਸੰਬਰ ਨੂੰ ਰੱਖੀ ਹੈ। ਨਾਮਜ਼ਦ ਕੀਤੇ ਸਾਬਕਾ ਕਰਮਚਾਰੀਆਂ ਵਿੱਚ ਸ਼ਾਮਲ ਤਤਕਾਲੀ ਮੀਤ ਸਕੱਤਰ ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਚਾਰ ਸਾਥੀ ਗੁਰਮੁਖ ਸਿੰਘ, ਪਰਮਦੀਪ ਸਿੰਘ, ਬਾਜ ਸਿੰਘ, ਦਲਬੀਰ ਸਿੰਘ ਨੇ ਸਥਾਨਕ ਅਦਾਲਤ ਵਿੱਚ ਅਗਾਊਂ ਜ਼ਮਾਨਤ ਵਾਸਤੇ ਅਰਜ਼ੀ ਦਿੱਤੀ ਸੀ। ਅਦਾਲਤ ਨੇ ਫ਼ਿਲਹਾਲ ਅੰਤਰਿਮ ਜ਼ਮਾਨਤ ਮਨਜ਼ੂਰ ਕੀਤੀ ਹੈ ਤੇ ਇਸ ਮਾਮਲੇ ਦੀ ਸੁਣਵਾਈ 18 ਦਸੰਬਰ ਨੂੰ ਹੋਵੇਗੀ। ਉਹ ਉਸ ਵੇਲੇ ਪਬਲੀਕੇਸ਼ਨ ਵਿਭਾਗ ਵਿੱਚ ਤਾਇਨਾਤ ਸਨ। ਉਹ ਪਹਿਲਾਂ ਵੀ ਇਸ ਮਾਮਲੇ ਵਿੱਚ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਚੁੱਕੇ ਹਨ। ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਤਿੰਨ ਕਰਮਚਾਰੀਆਂ ਦਾ ਦੇਹਾਂਤ ਹੋ ਚੁੱਕਾ ਹੈ ਤੇ ਕੁਝ ਵਿਦੇਸ਼ ਜਾ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਇਸ ਮਾਮਲੇ ਵਿੱਚ ਸਿੱਖ ਸਦਭਾਵਨਾ ਦਲ ਦੇ ਮੁਖੀ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਕੇਸ ਦਰਜ ਕਰ ਕੇ 16 ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ, ਸਾਬਕਾ ਕਰਮਚਾਰੀ ਤੇ ਹੋਰ ਸ਼ਾਮਲ ਹਨ। ਇਹ ਮਾਮਲਾ 2016 ਦੀ ਇੱਕ ਘਟਨਾ ਨਾਲ ਸਬੰਧਤ ਹੈ। ਇਸ ਮਾਮਲੇ ਦੀ ਅਕਾਲ ਤਖ਼ਤ ਦੇ ਤਤਕਾਲੀ ਜਥੇਦਾਰ ਵੱਲੋਂ ਜਾਂਚ ਵੀ ਕਰਵਾਈ ਗਈ ਸੀ। ਜਾਂਚ ਰਿਪੋਰਟ ਵਿੱਚ 16 ਜਣਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਉਨ੍ਹਾਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਵਿਭਾਗੀ ਕਾਰਵਾਈ ਕੀਤੀ ਸੀ।

Advertisement

ਪੁਲੀਸ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਬੀਤੇ ਦਿਨ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਸੀ। ਇਸ ਵਿੱਚ ਮਤਾ ਪਾਸ ਕਰ ਕੇ ਇਸ ਮਾਮਲੇ ਨੂੰ ਅਗਲੇਰੀ ਕਾਰਵਾਈ ਵਾਸਤੇ ਵਿਚਾਰਨ ਲਈ ਅਕਾਲ ਤਖ਼ਤ ਨੂੰ ਭੇਜਣ ਦਾ ਫ਼ੈਸਲਾ ਕੀਤਾ ਗਿਆ ਸੀ।

ਇਸ ਸਬੰਧੀ ਪੁਲੀਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਫ਼ਿਲਹਾਲ ਪੁਲੀਸ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਰੁੱਝੀ ਹੋਈ ਹੈ। ਆਗਾਮੀ ਦਿਨਾਂ ਵਿੱਚ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ।

Advertisement
Show comments