ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਅਗਸਤ
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਲਗਪਗ ਦਰਜਨ ਤੋਂ ਵੱਧ ਸਾਬਕਾ ਤੇ ਮੌਜੂਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਪਰ ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਕਾਰਗੁਜ਼ਾਰੀ ’ਤੇ ਵੀ ਪ੍ਰਸ਼ਨ ਚਿੰਨ੍ਹ ਲਾਇਆ ਹੈ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਲਾਪਤਾ ਸਰੂਪਾਂ ਬਾਰੇ ਖੁਲਾਸਾ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਸੰਗਠਨ ਦੇ ਮੁੱਖ ਜਾਂਚਕਰਤਾ ਸਰਬਜੀਤ ਸਿੰਘ ਨੇ ਮੀਡੀਆ ਨੂੰ ਇਕ ਪੱਤਰ ਵੀ ਜਾਰੀ ਕੀਤਾ ਹੈ ਜੋ ਚਾਰਟਡ ਅਕਾਊਂਟੈਂਟ ਕੰਪਨੀ ਵਲੋਂ 11 ਜੁਲਾਈ 2018 ਨੂੰ ਪ੍ਰਧਾਨ ਲੌਂਗੋਵਾਲ ਨੂੰ ਭੇਜਿਆ ਗਿਆ ਸੀ। ਸੱਤ ਸਫਿਆਂ ਦੇ ਇਸ ਪੱਤਰ ਵਿਚ ਕਈ ਅਹਿਮ ਦਾਅਵੇ ਕੀਤੇ ਗਏ ਸਨ ਜਿਨ੍ਹਾਂ ਵਿਚ ਮੁਅੱਤਲ ਕੀਤੇ ਗਏ ਵਿੱਤ ਵਿਭਾਗ ਦੇ ਮੀਤ ਸਕੱਤਰ ਸਤਿੰਦਰ ਸਿੰਘ ਖਿਲਾਫ਼ ਗੰਭੀਰ ਦੋਸ਼ ਲਾਏ ਗਏ ਸਨ। ਸੰਸਥਾ ਦਾ ਆਡਿਟ ਕਰਦੀ ਸੀਏ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਵਿੱਤ ਵਿਭਾਗ ਨਾਲ ਸਬੰਧਤ ਇਸ ਮੀਤ ਸਕੱਤਰ ਵਲੋਂ ਆਡਿਟ ਲਈ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕੀਤੇ ਜਾਂਦੇ ਸਨ ਜਿਸ ਕਾਰਨ ਬੈਲੈਂਸ ਸ਼ੀਟ ਤਿਆਰ ਕਰਨ ਅਤੇ ਆਡਿਟ ਸਬੰਧੀ ਕੰਮ ਪ੍ਰਭਾਵਿਤ ਹੁੰਦਾ ਸੀ। ਸੰਗਠਨ ਆਗੂ ਨੇ ਆਖਿਆ ਕਿ ਅੱਜ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਇਸੇ ਮੀਤ ਸਕੱਤਰ ਨੂੰ ਮੁਅੱਤਲ ਕੀਤਾ ਹੈ ਪਰ ਜਦੋਂ ਦੋ ਸਾਲ ਪਹਿਲਾਂ ਇਸ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ਸੀ ਤਾਂ ਉਸ ਵੇਲੇ ਉਸ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਗਈ। ਜੇ ਕਾਰਵਾਈ ਕੀਤੀ ਹੁੰਦੀ ਤਾਂ ਇਹ ਦਿਨ ਨਾ ਦੇਖਣੇ ਪੈਂਦੇ।
ਜਾਂਚ ਰਿਪੋਰਟ ਜਨਤਕ ਕਰਨ ਦੀ ਮੰਗ਼
ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ. ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ ਅਤੇ ਮਹਾਂਬੀਰ ਸਿੰਘ ਆਦਿ ਨੇ ਅੰਤ੍ਰਿੰਗ ਕਮੇਟੀ ਦੀ ਕਾਰਵਾਈ ਨੂੰ ਅਧੂਰਾ ਆਖਦਿਆਂ ਸੁਆਲ ਕੀਤਾ ਕਿ ਸਿਆਸੀ ਗੁਨਾਹਗਾਰਾਂ ਅਤੇ ਕਮੇਟੀ ਪ੍ਰਬੰਧਕਾਂ ਨੂੰ ਜਾਂਚ ਦੇ ਘੇਰੇ ਤੋਂ ਬਾਹਰ ਕਿਉਂ ਰੱਖਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਰਿਪੋਰਟ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਜਾਂਚ ਰਿਪੋਰਟ ਜਨਤਕ ਕਰਨ ਲਈ ਕਿਹਾ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ, ਸਰਬਜੀਤ ਸਿੰਘ ਨੇ ਸਾਂਝੇ ਬਿਆਨ ਵਿਚ ਆਖਿਆ ਕਿ ਇਸ ਮਾਮਲੇ ਵਿਚ ਉਸ ਵੇਲੇ ਦੇ ਪ੍ਰਧਾਨ ਅਤੇ ਕਾਰਜਕਾਰਨੀ ਦੇ ਮੈਂਬਰਾਂ ਖਿਲਾਫ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਨੇ ਤੁਰੰਤ ਕਾਰਵਾਈ ਲਈ ਕਿਹਾ: ਸਕੱਤਰ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਆਖਿਆ ਕਿ ਕਿਸੇ ਅਦਾਰੇ ਜਾਂ ਸੰਸਥਾ ਵਿਚ ਜਦੋਂ ਅਜਿਹਾ ਕੋਈ ਘਪਲਾ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸੰਸਥਾ ਦੇ ਮੁਖੀ ਤੇ ਹੋਰ ਅਹਿਮ ਅਹੁਦੇਦਾਰਾਂ ਦੀ ਵੀ ਹੁੰਦੀ ਹੈ ਪਰ ਇਸ ਮਾਮਲੇ ਵਿਚ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਮਾਮਲੇ ਵਿਚ ਪ੍ਰਧਾਨ ਅਤੇ ਜਨਰਲ ਸਕੱਤਰ ਦੋਵਾਂ ਨੂੰ ਨੈਤਿਕ ਆਧਾਰ ’ਤੇ ਅਸਤੀਫਾ ਦੇਣਾ ਚਾਹੀਦਾ ਹੈ। ਮੌਜੂਦਾ ਸਕੱਤਰ ਅਤੇ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵਲੋਂ ਮੁਅੱਤਲ ਕੀਤੇ ਗਏ ਅਤੇ ਬਰਖਾਸਤ ਕੀਤੇ ਕਰਮਚਾਰੀਆਂ ਖਿਲਾਫ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਸਾਰਿਆਂ ਖਿਲਾਫ਼ ਦਿੱਤੇ ਹੁਕਮਾਂ ’ਤੇ ਅਮਲ ਕਰਨ ਲਈ ਆਖਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਬਰਾਬਰ ਦੇ ਦੋਸ਼ੀ ਕਰਾਰ
ਜਲੰਧਰ (ਪਾਲ ਸਿੰਘ ਨੌਲੀ): ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਸੂਬਾ ਪ੍ਰਧਾਨ ਪਰਮਿੰਦਰਪਾਲ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਗੋਲਡੀ, ਸਕੱਤਰ ਜਨਰਲ ਪ੍ਰੋ. ਬਲਵਿੰਦਰਪਾਲ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਗਤਕਾ ਮਾਸਟਰ ਅਤੇ ਮਨਪ੍ਰੀਤ ਸਿੰਘ ਦਿੱਲੀ ਯੂਨਿਟ ਨੇ ਗੁੰਮ ਹੋਏ 328 ਸਰੂਪਾਂ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਬਰਾਬਰ ਦਾ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਤੇ ਸੁਖਬੀਰ ਬਾਦਲ ਨੂੰ ਬਚਾਉਣ ਲਈ ਛੋਟੇ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸੀਮਤ ਕਰ ਦਿੱਤੀ ਗਈ ਹੈ। ਅਜਿਹਾ ਕਰ ਕੇ ਖਾਲਸਾ ਪੰਥ ਨਾਲ ਧੋਖਾ ਕੀਤਾ ਗਿਆ ਹੈ। ਸ੍ਰੀ ਖਾਲਸਾ ਨੇ ਕਿਹਾ ਕਿ ਐੱਸਜੀਪੀਸੀ ਨੇ ਮੁੱਖ ਸਕੱਤਰ ਰੂਪ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਪਰ ਸੁਆਲ ਇਹ ਹੈ ਕਿ ਇਹ ਘਪਲਾ ਸਾਹਮਣੇ ਆਉਣ ਦੌਰਾਨ ਉਸ ਨੂੰ ਵਿਦੇਸ਼ ਕਿਉਂ ਜਾਣ ਦਿੱਤਾ ਗਿਆ।