ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਅਕਤੂਬਰ
328 ਪਾਵਨ ਸਰੂਪਾਂ ਦੇ ਮਾਮਲੇ ਵਿਚ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਗੇਟ ਨੂੰ ਤਾਲਾ ਲਾਉਣ ਤੋਂ ਬਾਅਦ ਦੋਵੇਂ ਧਿਰਾਂ ਭਿੜ ਗਈਆਂ ਜਿਸ ਮਗਰੋਂ ਕਈ ਵਿਅਕਤੀ ਜ਼ਖ਼ਮੀ ਹੋ ਗਏ। ਹਾਲਾਤ ਉਸ ਸਮੇਂ ਵਿਗੜੇ ਜਦੋਂ ਸੁਖਜੀਤ ਸਿੰਘ ਖੋਸਾ ਤੇ ਉਸ ਦੇ ਕੁਝ ਸਾਥੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਗੇਟ ਨੂੰ ਤਾਲਾ ਲਾ ਦਿੱਤਾ ਅਤੇ ਦੂਜੇ ਛੋਟੇ ਗੇਟ ਸਾਹਮਣੇ ਖੁਦ ਧਰਨਾ ’ਤੇ ਬੈਠ ਗਏ। ਰੋਟੀ ਦੇ ਸਮੇਂ ਜਦੋਂ ਸ਼੍ਰੋਮਣੀ ਕਮੇਟੀ ਕਰਮਚਾਰੀ ਦਫ਼ਤਰ ਤੋਂ ਬਾਹਰ ਜਾ ਰਹੇ ਸਨ ਤਾਂ ਉਸ ਵੇਲੇ ਹੋਈ ਤਕਰਾਰ ਤੋਂ ਬਾਅਦ ਇਹ ਮਾਮਲਾ ਹਿੰਸਕ ਰੂਪ ਲੈ ਗਿਆ, ਜਿਸ ਵਿਚ ਕਿਰਪਾਨਾਂ ਤੇ ਡਾਂਗਾਂ ਵੀ ਚਲੀਆਂ ਅਤੇ ਕਈ ਵਿਅਕਤੀਆਂ ਦੀਆਂ ਦਸਤਾਰਾਂ ਦੀ ਬੇਅਦਬੀ ਵੀ ਹੋਈ। ਧਰਨਾਕਾਰੀਆਂ ਵਿਚ ਸ਼ਾਮਲ ਇਕ ਔਰਤ ਦੀ ਵੀ ਮਾਰਕੁੱਟ ਕੀਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਧਰਨੇ ਵਾਲੀ ਥਾਂ ਖਾਲੀ ਕਰਵਾ ਲਈ ਹੈ।
ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਤੇ ਹੋਰਨਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਜਾਣਕਾਰੀ ਦਿੱਤੀ ਕਿ ਸਿੱਖ ਧਰਨਾਕਾਰੀਆਂ ਵਿਚੋਂ ਕੁਝ ਨੇ ਸ਼੍ਰੋਮਣੀ ਕਮੇਟੀ ਦੇ ਗੇਟ ਨੂੰ ਤਾਲਾ ਲਾ ਕੇ ਕੰਮਕਾਜ ਵਿਚ ਵਿਘਨ ਪਾਉਣ ਦਾ ਯਤਨ ਕੀਤਾ ਸੀ। ਉਨ੍ਹਾਂ ਕਿਹਾ ਕਿ ਦੁਪਹਿਰ ਵੇਲੇ ਜਦੋਂ ਕਰਮਚਾਰੀ ਭੋਜਨ ਲਈ ਬਾਹਰ ਨਿਕਲੇ ਤਾਂ ਕੁਝ ਧਰਨਾਕਾਰੀਆਂ ਨੇ ਤਕਰਾਰ ਮਗਰੋਂ ਸ਼੍ਰੋਮਣੀ ਕਮੇਟੀ ਕਰਮਚਾਰੀਆਂ ’ਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹੋਰ ਕਰਮਚਾਰੀ ਅਤੇ ਟਾਸਕ ਫੋਰਸ ਪੁੱਜ ਗਈ, ਜਿਨ੍ਹਾਂ ਹਮਲਾ ਕਰਨ ਵਾਲਿਆਂ ਕੋਲੋਂ ਕਿਰਪਾਨਾਂ ਆਦਿ ਖੋਹ ਲਈਆਂ। ਉਨ੍ਹਾਂ ਦੱਸਿਆ ਕਿ ਹਮਲੇ ਵਿਚ ਸ਼੍ਰੋਮਣੀ ਕਮੇਟੀ ਦਾ ਸਕੱਤਰ ਬਿਜੈ ਸਿੰਘ ਅਤੇ ਇਕ ਕਰਮਚਾਰੀ ਸਰਬਜੀਤ ਸਿੰਘ ਜ਼ਖ਼ਮੀ ਹੋਏ ਹਨ। ਕੁਝ ਹੋਰ ਕਰਮਚਾਰੀਆਂ ਨੂੰ ਵੀ ਸੱਟਾਂ ਲੱਗਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਰਾਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੇ ਇਸ਼ਨਾਨ ਦੀ ਸੇਵਾ ਸਮੇਂ ਵੀ ਇਨ੍ਹਾਂ ਸਿੱਖ ਕਾਰਕੁਨਾਂ ਨੇ ਉਥੇ ਦਾਖ਼ਲ ਹੋ ਕੇ ਮਰਿਆਦਾ ਵਿਚ ਦਖ਼ਲਅੰਦਾਜ਼ੀ ਕਰਦਿਆਂ ਬੇਅਦਬੀ ਕੀਤੀ ਸੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ’ਤੇ ਇਕ ਪੱਤਰ ਦੇ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਮੀਟਿੰਗ ਸੱਦਣ ਅਤੇ ਮਰਿਆਦਾ ਅਨੁਸਾਰ ਕਾਰਵਾਈ ਕਰਨ।
ਦੂਜੇ ਪਾਸੇ ਧਰਨਾਕਾਰੀਆਂ ਵਿਚ ਸ਼ਾਮਲ ਸਿੱਖ ਕਾਰਕੁਨਾਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਹੋਰਨਾਂ ਵਲੋਂ ਡਾਂਗਾਂ ਤੇ ਕਿਰਪਾਨਾਂ ਨਾਲ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸੁਖਜੀਤ ਸਿੰਘ ਖੋਸਾ, ਬਲਬੀਰ ਸਿੰਘ ਮੁੱਛਲ, ਦਿਲਬਾਗ ਸਿੰਘ, ਪਰਮਜੀਤ ਸਿੰਘ ਅਕਾਲੀ, ਮਨਜੀਤ ਸਿੰਘ ਝਬਾਲ, ਲਖਬੀਰ ਸਿੰਘ ਆਦਿ ਸਮੇਤ ਹੋਰ ਕਈ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਮਾਰਕੁੱਟ ਕਰਦੇ ਹੋਏ ਦਫ਼ਤਰ ਕੰਪਲੈਕਸ ਅੰਦਰ ਲੈ ਗਏ। ਬੰਦੀ ਬਣਾ ਕੇ ਰੱਖੇ ਗਏ ਕੁਝ ਕਾਰਕੁਨਾਂ ਨੂੰ ਦੇਰ ਸ਼ਾਮ ਪੁਲੀਸ ਆਪਣੇ ਨਾਲ ਲੈ ਗਈ। ਇਸ ਦੌਰਾਨ ਸਿਖ ਕਾਰਕੁਨਾਂ ਦੇ ਸਮਰਥਕਾਂ ਵਲੋਂ ਸ਼੍ਰੋਮਣੀ ਕਮੇਟੀ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਆਖਿਆ ਕਿ ਹਿੰਸਕ ਘਟਨਾ ਵਿਚ ਦੋਵਾਂ ਧਿਰਾਂ ਦੇ ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਪੁਲੀਸ ਲੋੜੀਂਦੀ ਕਾਰਵਾਈ ਕਰ ਰਹੀ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ (ਲਾਅ ਐਂਡ ਆਰਡਰ) ਜਗਮੋਹਨ ਸਿੰਘ ਤੇ ਹੋਰ ਪੁਲੀਸ ਅਧਿਕਾਰੀ ਵੀ ਮੌਕੇ ’ਤੇ ਪੁੱਜੇ। ਸ਼੍ਰੋਮਣੀ ਕਮੇਟੀ ਵਲੋਂ ਹਮਲਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਸ਼ਿਕਾਇਤ ਕੀਤੀ ਗਈ ਹੈ।
ਇਸ ਦੌਰਾਨ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਅਕਾਲ ਫੈਡਰੇਸ਼ਨ ਦੇ ਨਰਾਇਣ ਸਿੰਘ ਆਦਿ ਨੇ ਹਿੰਸਕ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰਾਉਣ ਤੋਂ ਕੰਨੀ ਕਤਰਾਉਣ ਕਾਰਨ ਇਹ ਸਥਿਤੀ ਬਣੀ ਹੈ। ਉਨ੍ਹਾਂ ਮੀਡੀਆ ਕਰਮੀਆਂ ਨਾਲ ਕੀਤੀ ਮਾਰਕੁੱਟ ਅਤੇ ਬਦਸਲੂਕੀ ਦੀ ਵੀ ਨਿੰਦਾ ਕੀਤੀ ਹੈ। ਦੱਸਣਯੋਗ ਹੈ ਕਿ ਇਹ ਧਰਨਾਕਾਰੀ ਪਿਛਲੇ ਲਗਪਗ 40 ਦਿਨਾਂ ਤੋਂ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇ ਕੇ ਬੈਠੇ ਹੋਏ ਹਨ। ਉਨ੍ਹਾਂ ਦੀ ਮੰਗ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ਼ ਪੁਲੀਸ ਕਾਰਵਾਈ ਕੀਤੀ ਜਾਵੇ ਅਤੇ ਲਾਪਤਾ ਸਰੂਪਾਂ ਬਾਰੇ ਦੱਸਿਆ ਜਾਵੇ। ਸਿੱਖ ਕਾਰਕੁਨਾਂ ਨੇ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੰਪਲੈਕਸ ਦੇ ਗੇਟ ਨੂੰ ਤਾਲਾ ਲਾ ਦਿੱਤਾ ਸੀ, ਜੋ ਦੋ-ਤਿੰਨ ਬਾਅਦ ਖੋਲ੍ਹਿਆ ਗਿਆ ਸੀ।
ਮੀਡੀਆ ਕਰਮੀਆਂ ਨੂੰ ਵੀ ਕੁੱਟਿਆ
ਘਟਨਾ ਦੀ ਕਵਰੇਜ ਕਰ ਰਹੇ ਕੁਝ ਮੀਡੀਆ ਕਰਮੀਆਂ ਦੀ ਵੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਮਾਰਕੁੱਟ ਕੀਤੀ ਗਈ ਹੈ। ਇਸ ਸਬੰਧ ਵਿਚ ਮੀਡੀਆ ਯੂਨੀਅਨ ਵਲੋਂ ਪੁਲੀਸ ਕੋਲ ਸ਼੍ਰੋਮਣੀ ਕਮੇਟੀ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦੀ ਕਾਰ ’ਤੇ ਹਮਲਾ; ਡਰਾਈਵਰ ਜ਼ਖ਼ਮੀ
ਅੰਮ੍ਰਿਤਸਰ: ਇਥੇ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਦੀ ਗੱਡੀ ’ਤੇ ਹਮਲਾ ਕਰ ਕੇ ਉਸ ਦੀ ਭੰਨਤੋੜ ਕੀਤੀ ਅਤੇ ਡਰਾਈਵਰ ਅੰਮਿ੍ਰਤ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਊਨ੍ਹਾਂ ਦੱਸਿਆ ਕਿ ਉਹ ਦੇਰ ਸ਼ਾਮ ਘਰ ਤੋਂ ਸ਼੍ਰੋਮਣੀ ਕਮੇਟੀ ਦਫ਼ਤਰ ਵੱਲ ਨੂੰ ਜਾ ਰਹੇ ਸਨ ਤਾਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਕੁਝ ਸਿੱਖ ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਰੋਕਿਆ ਅਤੇ ਭੰਨ ਤੋੜ ਕੀਤੀ। ਡਰਾਈਵਰ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।