ਮਹਿੰਦਰ ਸਿੰਘ ਰੱਤੀਆਂ
ਮੋਗਾ, 22 ਨਵੰਬਰ
ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਐਲਾਨ ਕੀਤਾ ਕਿ ਜੇ ਉਹ ਪੰਜਾਬ ਦੀ ਸੱਤਾ ਵਿੱਚ ਆਉਂਦੇ ਹਨ ਤਾਂ ਸੂਬੇ ਦੀ 18 ਸਾਲ ਤੋਂ ਵੱਧ ਉਮਰ ਦੀ ਹਰੇਕ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ ਅਤੇ ਪਰਿਵਾਰ ’ਚ ਇੱਕ ਧੀ, ਨੂੰਹ ਤੇ ਸੱਸ ਦੇ ਨਾਲ ਬਿਰਧ ਔਰਤਾਂ ਨੂੰ ਬੁਢਾਪਾ ਪੈਨਸ਼ਨ ਦੇਣ ਤੋਂ ਇਲਾਵਾ ਇਹ ਰਾਸ਼ੀ ਵੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ ਸਰਕਾਰ ਬਣਨ ’ਤੇ ਰੇਤ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਸਮੇਤ ਹਰ ਤਰ੍ਹਾਂ ਦਾ ਮਾਫ਼ੀਆ ਖ਼ਤਮ ਕਰ ਦਿੱਤਾ ਜਾਵੇਗਾ, ਜਿਹੜਾ ਪੈਸਾ ਹੋਵੇਗਾ ਉਹ ਔਰਤਾਂ ਦੇ ਖਾਤਿਆਂ ’ਚ ਪਾਇਆ ਜਾਵੇਗਾ। ‘ਆਪ’ ਸੁਪਰੀਮੋ ਕੇਜਰੀਵਾਲ ਨੇ ਮਿਸ਼ਨ-2022 ਤਹਿਤ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਅੱਜ ਵੀ ਨਹੀਂ ਐਲਾਨਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ’ਤੇ ਲਿਆ, ਜਦਕਿ ਅਕਾਲੀ ਦਲ ਖ਼ਿਲਾਫ਼ ਇੱਕ ਸ਼ਬਦ ਨਹੀਂ ਬੋਲਿਆ। ਕੇਜਰੀਵਾਲ ਨੇ ਸੂਬੇ ਵਿੱਚ ‘ਆਪ’ ਸਰਕਾਰ ਬਣਾਉਣ ਲਈ ਲੋਕਾਂ ਤੋਂ ਇੱਕ ਮੌਕੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸੱਤਾ ਹਾਸਲ ਕਰਨ ਲਈ ਆਪਣੇ ਚੋਣ ਮੈਨੀਫੈਸਟੋ ’ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਝੂਠੇ ਵਾਅਦੇ ਲੋਕਾਂ ਦੇ ਪ੍ਰਤੱਖ ਹੋ ਗਏ ਹਨ। ਲੋਕਾਂ ਦੇ ਜਜ਼ਬਾਤ ਅਤੇ ਭਾਵਨਾਵਾਂ ਨੂੰ ਪਹੁੰਚਾਈ ਭਾਰੀ ਠੇਸ ਲਈ ਕਾਂਗਰਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੁੱਖ ਮੰਤਰੀ ਚੰਨੀ ਦਾ ਨਾਮ ਲਏ ਬਿਨਾਂ ਕਿਹਾ, ‘‘ਪੰਜਾਬ ’ਚ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ, ਮੈਂ ਜੋ ਵੀ ਵਾਅਦਾ ਕਰਦਾ ਹਾਂ। ਦੋ ਦਿਨ ਮਗਰੋਂ ਓਹੀ ਵਾਅਦਾ ਨਕਲੀ ਕੇਜਰੀਵਾਲ ਕਰ ਦਿੰਦੇ ਹਨ। ਕੇਜਰੀਵਾਲ ਦੀ ਨਕਲ ਕਰਨਾ ਅਸਾਨ ਹੈ, ਪਰ ਅਮਲ ਕਰਨਾ ਬੇਹੱਦ ਮੁਸ਼ਕਲ ਹੈ। ਇਸ ਲਈ ਵੱਡਾ ਹੌਂਸਲਾ ਤੇ ਇਮਾਨਦਾਰੀ ਚਾਹੀਦੀ ਹੈ।”
ਉਨ੍ਹਾਂ ਕਿਹਾ ਕਿ ਪੰਜਾਬ ’ਚ ਸਿਰਫ਼ ਅਰਵਿੰਦ ਕੇਜਰੀਵਾਲ ਤੁਹਾਡੇ ਬਿਜਲੀ ਦੇ ਬਿੱਲ ਜ਼ੀਰੋ ਕਰ ਸਕਦਾ ਹੈ। ਉਨ੍ਹਾਂ ਸੂਬੇ ’ਚ ਫੈਲੇ ਭ੍ਰਿਸਟਾਚਾਰ ਤੇ ਮਾਫ਼ੀਆ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੇ ਸੱਜੇ ਤੇ ਖੱਬੇ ਪਾਸੇ ਮਾਫ਼ੀਆ ਬੈਠਾ ਰਹਿੰਦਾ ਹੈ। ਇਸ ਮੌਕੇ ‘ਆਪ’ ਸੂਬਾਈ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ- ਇੰਚਾਰਜ ਰਾਘਵ ਚੱਢਾ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਬਲਜਿੰਦਰ ਕੌਰ, ਅਨਮੋਲ ਗਗਨ ਮਾਨ ਤੇ ਹੋਰ ਵੱਡੀ ਗਿਣਤੀ ’ਚ ਪਾਰਟੀ ਆਗੂ ਮੌਜੂਦ ਸਨ।
ਆਟੋ ਵਾਲੇ ਵੱਲੋਂ ਕੇਜਰੀਵਾਲ ਨੂੰ ਰਾਤ ਦੇ ਖਾਣੇ ਦਾ ਸੱਦਾ
ਲੁਧਿਆਣਾ (ਗਗਨਦੀਪ ਅਰੋੜਾ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ’ਚ ‘ਆਟੋ ਸੰਵਾਦ’ ਪ੍ਰੋਗਰਾਮ ਤਹਿਤ ਆਟੋ ਰਿਕਸ਼ਾ ਤੇ ਟੈਕਸੀ ਚਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਪੱਕਾ ਹੱਲ ਕੱਢਿਆ ਜਾਵੇਗਾ। ਕੇਜਰੀਵਾਲ ਨੇ ਆਟੋ ਰਿਕਸ਼ਾ ਅਤੇ ਟੈਕਸੀ ਚਾਲਕਾਂ ’ਤੇ ਆਧਾਰਿਤ ਇੱਕ ਸਾਂਝੀ ਕਾਰਪੋਰੇਸ਼ਨ ਬਣਾਉਣ ਦਾ ਐਲਾਨ ਕੀਤਾ ਤਾਂ ਕਿ ਉਹ ਖ਼ੁਦ ਨੀਤੀਆਂ ਬਣਾ ਸਕਣ। ਇਸ ਦੌਰਾਨ ਇੱਕ ਆਟੋ ਚਾਲਕ ਦਲੀਪ ਕੁਮਾਰ ਤਿਵਾੜੀ ਨੇ ਅਰਵਿੰਦ ਕੇਜਰੀਵਾਲ ਨੂੰ ਖੜ੍ਹੇ ਹੋ ਕੇ ਆਪਣੇ ਘਰ ਰਾਤ ਦੇ ਖਾਣੇ ਲਈ ਸੱਦਾ ਦਿੱਤਾ। ਇਸ ਸੱਦੇ ਨੂੰ ਕਬੂਲਦਿਆਂ ਆਟੋ ਸੰਵਾਦ ਖ਼ਤਮ ਹੋਣ ਮਗਰੋਂ ਉਸਦੇ ਆਟੋ ’ਚ ਸਵਾਰ ਹੋ ਕੇ ਹੈਬੋਵਾਲ ਉਸਦੇ ਘਰ ਪੁੱਜ ਗਏ, ਜਿੱਥੇ ਉਨ੍ਹਾਂ ਨੇ ਰਾਤ ਦਾ ਖਾਣਾ ਖਾਧਾ। ਉਨ੍ਹਾਂ ਨਾਲ ਲੋਕ ਸਭਾ ਮੈਂਬਰ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਤੇ ਰਾਘਵ ਚੱਢਾ ਮੌਜੂਦ ਸਨ।
ਅਕਾਲੀ ਦਲ ਨੇ ਕੇਜਰੀਵਾਲ ਦੀ ‘ਮਹਿੰਗੀ’ ਰੈਲੀ ’ਤੇ ਸਵਾਲ ਚੁੱਕੇ
ਮੋਗਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਥੇ ਅਤਿ ਮਹਿੰਗੇ ਪੈਲੇਸ ਵਿੱਚ ਰੱਖੀ ਰੈਲੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ‘ਆਪ’ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਕਾਨੂੰਨੀ ਸੈੱਲ ਦੇ ਸੂਬਾਈ ਮੀਤ ਪ੍ਰਧਾਨ ਨਸੀਬ ਬਾਵਾ ਦੀ ਮੌਤ ’ਤੇ ਪਾਰਟੀ ਸੁਪਰੀਮੋ ਕੇਜਰੀਵਾਲ ਤੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਪਰਿਵਾਰ ਦੇ ਦੁੱਖ ’ਚ ਸ਼ਰੀਕ ਨਾ ਹੋਣ ਦਾ ਦੋਸ਼ ਲਾਇਆ। ਮੋਗਾ ਹਲਕੇ ਤੋਂ ਐਲਾਨੇ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕੇਜਰੀਵਾਲ ਵੱਲੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੇ ਵਾਅਦੇ ਨੂੰ ਸ਼ੋਸ਼ਾ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਤਾਂ ਪਹਿਲਾਂ ਹੀ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰ ਚੁੱਕਾ ਹੈ।