ਗਗਨਦੀਪ ਅਰੋੜਾ
ਲੁਧਿਆਣਾ, 19 ਫਰਵਰੀ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਦਿੱਲੀ-ਕੱਟੜਾ ਐਕਸਪ੍ਰੈਸਵੇਅ ਦੇ ਪੀੜਤ ਕਿਸਾਨਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਬੈਂਸ ਨੇ ਕੇਂਦਰ ਸਰਕਾਰ ’ਤੇ ਤਾਨਾਸ਼ਾਹੀ ਨਾਲ ਕਿਸਾਨਾਂ ਦੀ ਜ਼ਮੀਨ ਹਥਿਆਉਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੂੰਨ ਲਿਆ ਕੇ ਕਿਸਾਨਾਂ ਦਾ ਗਲਾ ਘੁੱਟ ਰਹੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਦੀ ਕੀਮਤੀ ਜ਼ਮੀਨਾਂ ਕੌਡੀਆਂ ਦੇ ਭਾਅ ਖੋਹਣ ਲੱਗੀ ਹੋਈ ਹੈ ਪਰ ਸਰਕਾਰ ਨੂੰ ਇਸ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਅਤੇ ਦਿੱਲੀ-ਕੱਟੜਾ ਨੈਸ਼ਨਲ ਐੱਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ਸਬੰਧੀ ਭਵਾਨੀਗੜ੍ਹ-ਸੰਗਰੂਰ ਹਾਈਵੇ ’ਤੇ ਜ਼ਿਲ੍ਹਾ ਸੰਗਰੂਰ ਦੀ ਕਿਸਾਨ ਸੰਘਰਸ਼ ਕਮੇਟੀ ਦਾ ਧਰਨਾ ਚੱਲ ਰਿਹਾ ਹੈ। ਇਹ ਧਰਨਾ ਉਦੋਂ ਤਕ ਜਾਰੀ ਰਹੇਗਾ, ਜਦੋਂ ਤਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਇਨ੍ਹਾਂ ਪੀੜਤ ਕਿਸਾਨਾਂ ਨੂੰ ਜ਼ਮੀਨ ਦਾ ਸਹੀ ਮੁੱਲ ਨਹੀਂ ਦਿੰਦੀ। ਇਸ ਧਰਨੇ ਦੀ ਹਮਾਇਤ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਅਤੇ ਸੰਗਰੂਰ ਦੇ ਹਲਕਾ ਇੰਚਾਰਜ ਤਲਵਿੰਦਰ ਸਿੰਘ ਮਾਨ ਇਸ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਡਿੱਕੀ ਜੇਜੀ ਨਾਲ ਸੰਪਰਕ ਵਿੱਚ ਹਨ ਅਤੇ ਧਰਨੇ ਵਿੱਚ ਸਮੇਂ-ਸਮੇਂ ’ਤੇ ਸ਼ਮੂਲੀਅਤ ਵੀ ਕਰ ਰਹੇ ਹਨ।