ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 18 ਅਪਰੈਲ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਸਬੰਧੀ ਗੱਲਬਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਪਿਛਲੇ ਦਿਨੀਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ ਸੀ। ਇਸ ਵਿੱਚ ਮੰਗ ਕੀਤੀ ਗਈ ਸੀ ਕਿ ਭਾਰਤਮਾਲਾ ਪ੍ਰਾਜੈਕਟ ਤਹਿਤ ਬਣਨ ਵਾਲੀ ਅੰਮ੍ਰਿਤਸਰ ਸਾਹਿਬ- ਜਾਮਨਗਰ ਅਤੇ ਬਠਿੰਡਾ-ਲੁਧਿਆਣਾ ਕੌਮੀ ਮਾਰਗਾਂ ਲਈ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਹੈ, ਉਨ੍ਹਾਂ ਨੂੰ ਮਾਰਕੀਟ ਰੇਟ ਦੇ ਆਧਾਰ ’ਤੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਪੇਂਡੂ ਤੇ ਸ਼ਹਿਰੀ ਖੇਤਰਾਂ ਦਾ ਵੱਖ-ਵੱਖ ਵਰਗੀਕਰਨ ਕਰਨ ਅਤੇ ਉਜਾੜਾ ਭੱਤਾ ਦੇਣ ਦੇ ਨਾਲ-ਨਾਲ ਸਿੰਜਾਈ ਦਾ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ ਗਈ ਸੀ। ਵਿਧਾਇਕ ਵੱਲੋਂ ਕਿਸਾਨਾਂ ਦੇ ਇਨ੍ਹਾਂ ਮਸਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਕੀਤਾ ਗਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਨ੍ਹਾਂ ਮਸਲਿਆਂ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਰਾਮਪੁਰਾ ਸ਼ਹਿਰ ਵਾਸੀਆਂ ਦੀ ਮੰਗ ’ਤੇ ਸ਼ਹਿਰ ਨੂੰ ਕਲੀਨ ਤੇ ਗਰੀਨ ਬਣਾਉਣ ਸਬੰਧੀ ਇੱਕ ਵਿਸ਼ੇਸ਼ ਪਾਰਕ ਬਣਾਉਣ ਦਾ ਪ੍ਰਸਤਾਵ ਵੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਕੀਤਾ ਹੈ।