ਵਿਧਾਇਕ ਢੋਸ ਵਲੋਂ ਸਤਲੁਜ ਕਿਨਾਰੇ ਵੱਸਦੇ ਪਿੰਡਾਂ ਦਾ ਦੌਰਾ
ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬੀਤੀ ਸ਼ਾਮ ਸਤਲੁਜ ਕਿਨਾਰੇ ਵੱਸਦੇ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਵਿਧਾਇਕ ਵਲੋਂ ਇਹ ਦੌਰਾ ਦਰਿਆ ਸਤਲੁਜ ਦੀ ਮੌਜੂਦਾ ਹਾਲਤਾਂ ਦਾ ਜਾਇਜ਼ਾ ਲੈਣ ਲਈ ਕੀਤਾ ਗਿਆ। ਹਲਕੇ ਦੇ ਲਗਪਗ ਅੱਧੀ ਦਰਜਨ ਪਿੰਡਾਂ ਸੰਘੇੜਾ, ਮਰਦਾਰਪੁਰ, ਮੇਲਕ ਕੰਗਾਂ, ਭੈਣੀ, ਮੰਦਰ ਕਲਾਂ ਅਤੇ ਦੌਲੇਵਾਲਾ ਵਿਖੇ ਜਾਕੇ ਉਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰੇਕ ਤਰ੍ਹਾਂ ਦੀ ਸਰਕਾਰੀ ਸੰਭਵ ਮੱਦਦ ਦਾ ਭਰੋਸਾ ਦਿੱਤਾ। ਪਿੰਡ ਮੰਦਰ ਕਲਾਂ ਵਿਖੇ ਧੁੱਸੀ ਬੰਨ੍ਹ ਉੱਪਰੋਂ ਵਿਧਾਇਕ ਢੋਸ ਨੇ ਸਤਲੁਜ ਦਰਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਾੜਾਂ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਸਦਕਾ ਦਰਿਆਵਾਂ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੜ੍ਹਾਂ ਦੇ ਟਾਕਰੇ ਲਈ ਪੂਰੀ ਤਿਆਰੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸਤਲੁਜ ਵਿੱਚ ਅਜੇ ਪਾਣੀ ਦਾ ਪੱਧਰ ਪੂਰੀ ਤਰ੍ਹਾਂ ਸਥਿਰ ਹੈ ਫਿਰ ਵੀ ਪ੍ਰਸ਼ਾਸਨ ਵੱਲੋਂ ਸੰਭਾਵੀ ਖ਼ਤਰੇ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕਰ ਰੱਖੇ ਹਨ। ਉਨ੍ਹਾਂ ਨੇ ਇਸ ਮੌਕੇ ਸਬੰਧਤ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਮਾਰਕੀਟ ਕਮੇਟੀ ਫ਼ਤਹਿਗੜ੍ਹ ਪੰਜਤੂਰ ਦੇ ਚੇਅਰਮੈਨ ਸੁਖਵੀਰ ਸਿੰਘ ਮੰਦਰ, ਨਵਦੀਪ ਸਿੰਘ ਮੰਦਰ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ।